- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-60 ਦਿਨਾਂ ਇੰਟੈਂਸੀਫਾਈਡ ਏਡਜ਼ ਜਾਗਰੂਕਤਾ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਦਾ ਆਯੋਜਨ

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਸਿਹਤ ਵਿਭਾਗ ਵੱਲੋਂ ਐਚ.ਆਈ.ਵੀ.-ਏਡਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਇਸ ਦੀ ਰੋਕਥਾਮ ਲਈ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਐਚ.ਆਈ.ਵੀ. ਟੈਸਟਿੰਗ ਅਤੇ ਸਿਹਤ ਸੇਵਾਵਾਂ ਨਾਲ ਜੋੜਨ ਦੇ ਉਦੇਸ਼ ਨਾਲ 60 ਦਿਨਾਂ ਦੀ ਇੰਟੈਂਸੀਫਾਈਡ ਐਚ.ਆਈ.ਵੀ. ਜਾਗਰੂਕਤਾ ਕੈਂਪੇਨ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਅਧੀਨ ਅੱਜ ਫਰੀਦਕੋਟ ਵਿਖੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਅਤੇ ਜਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਐਚ.ਆਈ.ਵੀ. ਦੀ ਰੋਕਥਾਮ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹਥਿਆਰ ਹੈ। ਉਨ੍ਹਾਂ ਕਿਹਾ ਕਿ ਐਚ.ਆਈ.ਵੀ. ਸਬੰਧੀ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਗਲਤ ਧਾਰਨਾਵਾਂ ਅਤੇ ਭਰਮ ਪਾਏ ਜਾਂਦੇ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਸਹੀ ਅਤੇ ਵਿਗਿਆਨਕ ਜਾਣਕਾਰੀ ਦਾ ਪ੍ਰਸਾਰ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਐਚ.ਆਈ.ਵੀ. ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਗਲਤ ਜਾਣਕਾਰੀ ’ਤੇ ਵਿਸ਼ਵਾਸ ਨਾ ਕਰਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਸਹੀ ਜਾਣਕਾਰੀ ਨੂੰ ਅਪਣਾਉਣ। ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਦਿਸ਼ਾ ਕਲੱਸਟਰ ਅਧੀਨ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਸ਼ੇਪ ਇੰਡੀਆ ਅਤੇ ਯੂਥ ਅਫੇਅਰ ਆਰਗੇਨਾਈਜੇਸ਼ਨ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਿਹਤ ਸਟਾਫ ਨਾਲ ਤਾਲਮੇਲ ਕਰਕੇ ਟੈਸਟਿੰਗ ਕੈਂਪ, ਮੀਟਿੰਗਾਂ, ਰੈਲੀਆਂ, ਘਰਾਂ ਦਾ ਦੌਰਾ ਆਦਿ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਚ.ਆਈ.ਵੀ. ਦੀ ਸਮੇਂ ਸਿਰ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਸਮੇਂ ਸਿਰ ਪਤਾ ਲੱਗਣ ਨਾਲ ਵਿਅਕਤੀ ਨੂੰ ਲੋੜੀਂਦੀਆਂ ਇਲਾਜ ਸੇਵਾਵਾਂ, ਕਾਉਂਸਲਿੰਗ ਅਤੇ ਸਲਾਹ ਮੁਹੱਈਆ ਕਰਵਾਈ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐਚ.ਆਈ.ਵੀ. ਨਾਲ ਜੀ ਰਹੇ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਮਾਜ ਨੂੰ ਉਨ੍ਹਾਂ ਪ੍ਰਤੀ ਸਹਿਯੋਗੀ ਅਤੇ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਚ.ਆਈ.ਵੀ. ਦੀ ਜਾਂਚ ਕਰਵਾਉਣ ਵਿੱਚ ਕਿਸੇ ਕਿਸਮ ਦੀ ਝਿਜਕ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਐਚ.ਆਈ.ਵੀ. ਸਬੰਧੀ ਜਾਂਚ ਅਤੇ ਸਲਾਹ ਸੇਵਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਜਾਗਰੂਕਤਾ ਫੈਲਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਤੱਕ ਪਹੁੰਚਾਉਣਾ ਵੀ ਹੈ।