
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਫਰੀਦ ਯੂਨੀਵਰਸਿਟੀ ਵੱਲੋਂ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ, ਉਤਸ਼ਾਹ ਅਤੇ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਰੀਸ਼ ਸਾਹਨੀ ਨੇ ਯੂਨੀਵਰਸਿਟੀ ਪਰਿਸਰ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।ਸਮਾਗਮ ਦੌਰਾਨ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ, ਜਿਸ ਨੇ ਸਮਾਗਮ ਵਿੱਚ ਦੇਸ਼ਭਗਤੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਗਿਰੀਸ਼ ਸਾਹਨੀ, ਰਜਿਸਟਰਾਰ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਂਲਥ ਸਾਇੰਸਿਜ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਸੈਨਾਨੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਇਸ ਦੀ ਮਹੱਤਤਾ ਨੂੰ ਸਮਝਦਿਆਂ ਸਾਨੂੰ ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਗਿਆਨ ਦੀ ਯੂਨੀਵਰਸਿਟੀ ਹੋਣ ਦੇ ਨਾਤੇ ਬਾਬਾ ਫਰੀਦ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸਮਰੱਥ, ਸੰਵੇਦਨਸ਼ੀਲ ਅਤੇ ਮਰੀਜ਼-ਕੇਂਦਰਿਤ ਸਿਹਤ ਪੇਸ਼ੇਵਰ ਤਿਆਰ ਕਰਨਾ ਹੈ, ਜੋ ਸਮਾਜ ਅਤੇ ਦੇਸ਼ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। ਡਾ. ਸਾਹਨੀ ਨੇ ਕਿਹਾ ਕਿ ਅੱਜ ਮਨੁੱਖਤਾ ਸਾਹਮਣੇ ਖੜ੍ਹੀਆਂ ਵੱਡੀਆਂ ਚੁਣੌਤੀਆਂ ਵਿੱਚੋਂ ਜਲਵਾਯੂ ਪਰਿਵਰਤਨ ਇੱਕ ਗੰਭੀਰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਾਰਿਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਵਿਹਾਰ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਸੰਸਥਾਵਾਂ ਲਈ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਫੈਕਲਟੀ ਅਤੇ ਸਟਾਫ ਮੈਂਬਰਾਂ ਨੂੰ ਪ੍ਰਸੰਸ਼ਾ-ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਰਾਹੀਂ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਯੂਨੀਵਰਸਿਟੀ ਦੀ ਤਰੱਕੀ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ।ਸਮਾਗਮ ਵਿੱਚ ਡਾ. ਦੀਪਕ ਜੇ. ਭੱਟੀ, ਡੀਨ ਕਾਲਜਜ਼; ਡਾ. ਰਾਜੀਵ ਸ਼ਰਮਾ, ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼; ਡਾ. ਰੋਹਿਤ ਚੋਪੜਾ, ਐਡੀਸ਼ਨਲ ਰਜਿਸਟਰਾਰ; ਡਾ. ਸੀਮਾ ਗਰੋਵਰ ਭੱਟੀ, ਪ੍ਰਿੰਸੀਪਲ, ਡਾ. ਅਮਰਬੀਰ ਸਿੰਘ ਬੋਪਾਰਾਏ, ਮੈਡੀਕਲ ਸੁਪਰਡੈਂਟ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਤੋਂ ਇਲਾਵਾ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ, ਅਧਿਕਾਰੀ, ਸਟਾਫ ਅਤੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।