ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਬਾਬਾ ਫ਼ਰੀਦ ਮੇਲੇ ਦੀ ਹੋਈ ਸ਼ੁਰੂਆਤ - ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਬਾਬਾ ਫ਼ਰੀਦ ਮੇਲੇ ਦੀ ਹੋਈ ਸ਼ੁਰੂਆਤ
Publish Date: Sat, 19 Sep 2026 03:50 PM (IST)
Updated Date: Sat, 19 Sep 2026 03:50 PM (IST)
ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡੀਸੀ ਰਾਹੁਲ ਚਾਬਾ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ -2026 ਦੇ ਸਬੰਧ ਵਿੱਚ ਅੱਜ ਟਿੱਲਾ ਬਾਬਾ ਫ਼ਰੀਦ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਅਤੇ ਕੀਰਤਨ ਨਾਲ ਸਾਲਾਨਾ ਆਗਮਨ ਪੁਰਬ ਦੀ ਸ਼ੁਰੂਆਤ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਨਤਮਸਤਕ ਹੋ ਕੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਸਿਮਰਜੀਤ ਸਿੰਘ ਸੇਖੋ,ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ(ਜ) ਕੇਸ਼ਵ ਗੋਇਲ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਚੇਅਰਮੈਨ ਪਲਾਨਿੰਗ ਬੋਰਡ ਗੁਰਤੇਜ ਖੋਸਾ ਵੀ ਗੁਰੂ ਘਰ ਨਤਮਸਤਕ ਹੋਏ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸੰਗਤਾਂ ਨੂੰ ਬਾਬਾ ਫ਼ਰੀਦ ਆਗਮਨ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਮਹਾਨ ਸੂਫ਼ੀ ਸੰਤ ਸਨ, ਜਿਨ੍ਹਾਂ ਦੀ ਬਾਣੀ ਮਾਨਸਿਕ ਅਤੇ ਆਤਮਿਕ ਤੌਰ ਤੇ ਸਾਨੂੰ ਪ੍ਰੇਰਿਤ ਕਰਦੀ ਹੈ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਉਪਰੰਤ ਉਨ੍ਹਾਂ ਬਾਬਾ ਫਰੀਦ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਅੱਜ ਜੋ ਖੂਨਦਾਨ ਕੀਤਾ ਜਾ ਰਿਹਾ ਉਹ ਲੋੜਵੰਦਾਂ ਨੂੰ ਦਿੱਤਾ ਜਾਏਗਾ। ਕਿਉਂਕਿ ਦੁਨੀਆਂ ਤੇ ਅਸੀਂ ਸਾਰਾ ਕੁਝ ਬਣਾ ਲਿਆ ਪਰ ਅਸੀਂ ਖੂਨ ਨਹੀਂ ਬਣਾ ਸਕੇ ਸੋ ਖੂਨਦਾਨ ਮਹਾਂਦਾਨ ਹੈ। ਉਨ੍ਹਾਂ ਲੋਕਾਂ ਨੂੰ ਵੱਧ ਚੜ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਵਡਮੁੱਲੀਆਂ ਅਤੇ ਅਨਮੋਲ ਜਾਨਾਂ ਬਚਾਈਆਂ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਬਾਬਾ ਫਰੀਦ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਬਾਬਾ ਫ਼ਰੀਦ ਦੀ ਬਾਣੀ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਇਕਜੁੱਟ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਪਿਆਰ, ਭਾਈਚਾਰੇ ਅਤੇ ਇਨਸਾਨੀਅਤ ਦਾ ਸੰਦੇਸ਼ ਦਿੰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੇਲੇ ਵਿੱਚ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਪਲਾਸਟਿਕ ਦੀ ਵਰਤੋਂ ਤੋਂ ਬਚਿਆ ਜਾਵੇ ਤਾਂ ਜੋ ਮੇਲੇ ਦੀ ਪਵਿੱਤਰਤਾ ਅਤੇ ਵਾਤਾਵਰਣ ਦੋਹਾਂ ਦੀ ਰੱਖਿਆ ਕੀਤੀ ਜਾ ਸਕੇ। ਇਸ ਉਪਰੰਤ ਉਨ੍ਹਾਂ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਇਸ ਉੱਤਮ ਉਪਰਾਲੇ ਲਈ ਬਾਬਾ ਫਰੀਦ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਪ ਵੀ 21 ਵਾਰ ਖੂਨਦਾਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਜਾਨ ਖੂਨ ਨਾਲ ਬਚਣੀ ਹੈ ਉਹ ਖੂਨ ਨਾਲ ਹੀ ਬਚਾਈ ਜਾ ਸਕਦੀ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾ ਬਚਾਈਆਂ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 21, 22 ਅਤੇ 23 ਸਤੰਬਰ ਨੂੰ ਬਾਬਾ ਫ਼ਰੀਦ ਪਸ਼ੂ ਮੇਲਾ ਸਾਦਿਕ ਰੋਡ ਨਵੀ ਦਾਣਾ ਮੰਡੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪਸ਼ੂਧਨ ਮੇਲੇ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਸ.ਬਲਜਿੰਦਰ ਸਿੰਘ ਨਗਰ ਕੌਂਸਲ ਪ੍ਰਧਾਨ, ਤਹਿਸੀਲਦਾਰ ਸ.ਪਰਮਿੰਦਰ ਸਿੰਘ ਤੋਂ ਇਲਾਵਾ ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।