- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਜਿਸਟਰਾਰ ਡਾ. ਅਰਵਿੰਦ ਕੁਮਾਰ ਨੇ ਕਿਹਾ ਕਿ ਹੁਣ ਤਕ ਦੀ ਪੁਲਿਸ ਜਾਂਚ ਤੋਂ ਇਹ ਸਾਫ਼ ਹੋ ਚੁੱਕਾ ਹੈ ਕਿ ਇਹ ਪੇਪਰ ਲੀਕ ਦਾ ਮਾਮਲਾ ਨਹੀਂ, ਬਲਕਿ ਪ੍ਰੀਖਿਆ ਸ਼ੁਰੂ ਹੋਣ ਦੇ ਬਾਅਦ ਅਣਉੱਚਿਤ ਸਾਧਨਾਂ ਦੇ ਇਸਤੇਮਾਲ ਦਾ ਮਾਮਲਾ ਹੈ। ਇਸ ਮਾਮਲੇ ਦੀ ਪੂਰੀ ਵਿਸਤ੍ਰਿਤ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ ਅਤੇ ਸਰਕਾਰ ਤੋਂ ਜੋ ਵੀ ਦਿਸ਼ਾ-ਨਿਰਦੇਸ਼ ਪ੍ਰਾਪਤ ਹੋਣਗੇ, ਯੂਨੀਵਰਸਿਟੀ ਪ੍ਰਸ਼ਾਸਨ ਉਸੇ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈ ਯਕੀਨੀ ਬਣਾਏਗਾ।

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਫਰੀਦਕੋਟ : ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਫਾਰਮੇਸੀ ਅਫ਼ਸਰਾਂ ਦੀ ਭਰਤੀ ਲਈ ਗਈ ਲਿਖਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਹਾਈ-ਟੈਕ ਨਕਲ ਮਾਮਲੇ 'ਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਆਪਣੀ ਅਧਿਕਾਰਤ ਪ੍ਰਤੀਕਿਰਿਆ ਦਿੱਤੀ ਗਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ ਸੀ, ਸਗੋਂ ਕੁਝ ਉਮੀਦਵਾਰਾਂ ਨੇ ਪ੍ਰੀਖਿਆ ਸ਼ੁਰੂ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਉਪਕਰਨਾਂ (ਬਲੂਟੁੱਥ ਡਿਵਾਈਸ ਆਦਿ) ਦਾ ਇਸਤੇਮਾਲ ਕਰ ਕੇ ਨਕਲ ਮਾਰਨ ਦਾ ਯਤਨ ਕੀਤਾ ਸੀ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਰਵਿੰਦ ਕੁਮਾਰ ਅਤੇ ਮੈਡੀਕਲ ਸੁਪਰਡੈਂਟ ਡਾਕਟਰ ਨੀਤੂ ਕੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਹਤ ਅਤੇ ਸਿਹਤ ਵਿਭਾਗ 'ਚ ਫਾਰਮੇਸੀ ਅਫ਼ਸਰਾਂ ਦੇ 454 ਅਹੁਦਿਆਂ ਨੂੰ ਭਰਨ ਲਈ ਇਸ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ, ਜਿਸ ਵਿਚ ਕੁੱਲ 6,474 ਉਮੀਦਵਾਰ ਸ਼ਾਮਲ ਹੋਏ ਸਨ। ਇਸ ਮਾਮਲੇ 'ਚ ਯੂਨੀਵਰਸਿਟੀ ਦੀ ਫਲਾਇੰਗ ਸਕੁਐਡ ਟੀਮ ਨੇ ਸਭ ਤੋਂ ਪਹਿਲਾਂ ਫਰੀਦਕੋਟ ਦੇ ਇੱਕ ਪ੍ਰੀਖਿਆ ਕੇਂਦਰ 'ਚ ਬਲੂਟੁੱਥ ਡਿਵਾਈਸ ਰਾਹੀਂ ਨਕਲ ਕਰ ਰਹੇ ਇਕ ਪ੍ਰੀਖਿਆਰਥੀ ਨੂੰ ਰੰਗੇ ਹੱਥੀਂ ਫੜਿਆ। ਪੁਲਿਸ ਜਾਂਚ ਤੇ ਖੁਫੀਆ ਇਨਪੁਟ ਮਿਲਣ ਤੋਂ ਬਾਅਦ ਯੂਨੀਵਰਸਿਟੀ ਨੂੰ 28 ਪ੍ਰੀਖਿਆਰਥੀਆਂ ਦੀ ਸੂਚੀ ਪ੍ਰਾਪਤ ਹੋਈ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਪੂਰੇ ਹਾਈਟੈਕ ਨਕਲ ਰੈਕਟ ਦਾ ਸੰਚਾਲਨ ਕਰਨ ਵਾਲੇ 7 ਹੋਰ ਮੁੱਖ ਦੋਸ਼ੀਆਂ/ਮਾਸਟਰਮਾਈਂਡਾਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਰਜਿਸਟਰਾਰ ਡਾ. ਅਰਵਿੰਦ ਕੁਮਾਰ ਨੇ ਕਿਹਾ ਕਿ ਹੁਣ ਤਕ ਦੀ ਪੁਲਿਸ ਜਾਂਚ ਤੋਂ ਇਹ ਸਾਫ਼ ਹੋ ਚੁੱਕਾ ਹੈ ਕਿ ਇਹ ਪੇਪਰ ਲੀਕ ਦਾ ਮਾਮਲਾ ਨਹੀਂ, ਬਲਕਿ ਪ੍ਰੀਖਿਆ ਸ਼ੁਰੂ ਹੋਣ ਦੇ ਬਾਅਦ ਅਣਉੱਚਿਤ ਸਾਧਨਾਂ ਦੇ ਇਸਤੇਮਾਲ ਦਾ ਮਾਮਲਾ ਹੈ। ਇਸ ਮਾਮਲੇ ਦੀ ਪੂਰੀ ਵਿਸਤ੍ਰਿਤ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾ ਰਹੀ ਹੈ ਅਤੇ ਸਰਕਾਰ ਤੋਂ ਜੋ ਵੀ ਦਿਸ਼ਾ-ਨਿਰਦੇਸ਼ ਪ੍ਰਾਪਤ ਹੋਣਗੇ, ਯੂਨੀਵਰਸਿਟੀ ਪ੍ਰਸ਼ਾਸਨ ਉਸੇ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈ ਯਕੀਨੀ ਬਣਾਏਗਾ। ਭਵਿੱਖ ਵਿਚ ਅਜਿਹੀ ਹਾਈਟੈਕ ਧੋਖਾਧੜੀ ਰੋਕਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਕੜੇ ਕਦਮ ਉਠਾਉਣ ਦੀ ਯੋਜਨਾ ਬਣਾ ਰਿਹਾ ਹੈ ਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਕੇਂਦਰਾਂ 'ਤੇ ਇਲੈਕਟ੍ਰਾਨਿਕ ਜੈਮਰ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਜੈਮਰ ਸਥਾਪਿਤ ਕਰਨ ਨਾਲ ਪ੍ਰੀਖਿਆ ਸੰਚਾਲਨ ਦਾ ਖਰਚਾ ਕਾਫ਼ੀ ਵੱਧ ਜਾਵੇਗਾ, ਇਸ ਲਈ ਇਸ ਬਜਟ ਅਤੇ ਪ੍ਰਕਿਰਿਆ ਨੂੰ ਲੈ ਕੇ ਰਾਜ ਸਰਕਾਰ ਦੇ ਨਾਲ ਗੱਲਬਾਤ ਕੀਤੀ ਜਾਵੇਗੀ।