ਤਰਸੇਮ ਚਾਨਣਾ, ਫਰੀਦਕੋਟ : ਕੋਟਕਪੂਰਾ ਗੋਲ਼ੀਕਾਂਡ 'ਚ ਗਿ੍ਫ਼ਤਾਰ ਕੀਤੇ ਗਏ ਥਾਣਾ ਸਿਟੀ ਕੋਟਕਪੂਰਾ ਦੇ ਤੱਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਉਸ ਵੇਲੇ ਦੇ ਐੱਸਪੀ ਬਲਜੀਤ ਸਿੰਘ ਸਿੱਧੂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲ਼ੀਕਾਂਡ 'ਚ ਸਰਕਾਰੀ ਕਾਰਤੂਸਾਂ ਨੂੰ ਖੁਰਦ-ਬੁਰਦ ਕਰਨ ਤੇ ਫਰਜ਼ੀ ਰਿਕਾਰਡ ਤਿਆਰ ਕਰਨ ਦੇ ਦੋਸ਼ ਹੇਠ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜੋ ਇਸ ਵਕਤ ਜੇਲ੍ਹ 'ਚ ਨਜ਼ਰਬੰਦ ਹੈ ਅਤੇ ਐੱਸਪੀ ਬਲਜੀਤ ਸਿੰਘ ਨੇ ਆਪਣੀ ਗਿ੍ਫ਼ਤਾਰੀ 'ਤੇ ਰੋਕ ਲਾਉਣ ਲਈ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਮੰਗ ਕਰਦਿਆਂ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਵਿਸ਼ੇਸ਼ ਜਾਂਚ ਟੀਮ ਉਸ ਨੂੰ ਕਿਸੇ ਵੀ ਸਮੇ ਗਿ੍ਫ਼ਤਾਰ ਕਰ ਸਕਦੀ ਹੈ। ਅਦਾਲਤ 'ਚ ਲੰਬੀ ਬਹਿਸ ਤੋਂ ਬਾਅਦ ਜੱਜ ਨੇ ਦੋਵਾਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲ਼ੀਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਹੈ ।