- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ’ਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ’ਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿਖੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਦੀ ਯੋਗ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਪੂਰਾ ਕੈਂਪਸ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਇਸ ਫ਼ਸਲੀ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੀ ਸ਼ੁਰੂਆਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੁਦਰਤ ਦਾ ਸ਼ੁਕਰਾਨਾ ਕਰਨ ਅਤੇ ਮਿਹਨਤ ਦੀ ਅਹਿਮੀਅਤ ਨੂੰ ਪਛਾਣਨ ਦਾ ਸੁਨੇਹਾ ਦਿੱਤਾ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਰਹੇ। ਇਸ ਮੌਕੇ ਵਿਦਿਆਰਥਣਾਂ ਨੇ ਭੰਗੜੇ ਨਾਲ ਸਟੇਜ ’ਤੇ ਧਮਾਲ ਪਾਈ, ਉੱਥੇ ਹੀ ਗਿੱਧੇ ਅਤੇ ਬੋਲੀਆਂ ਰਾਹੀਂ ਪੰਜਾਬੀ ਵਿਰਸੇ ਦੀ ਪੇਸ਼ਕਾਰੀ ਕੀਤੀ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸੁਰੀਲੇ ਗੀਤ ਅਤੇ ਸੰਗੀਤ ਪੇਸ਼ ਕੀਤਾ, ਜਿਸ ਨੇ ਮਾਹੌਲ ਨੂੰ ਖੁਸ਼ੀ ਨਾਲ ਭਰ ਦਿੱਤਾ। ਪ੍ਰੇਰਨਾਦਾਇਕ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਵਿਦਿਆਰਥੀਆਂ ਨੇ ਵਿਸਾਖੀ ਦੀ ਮਹੱਤਤਾ ਨੂੰ ਉਜਾਗਰ ਕੀਤਾ, ਇਹ ਸਮਝਾਉਂਦੇ ਹੋਏ ਕਿ ਇਹ ਤਿਉਹਾਰ ਇੱਕ ਨਵੀਂ ਫ਼ਸਲ, ਖੁਸ਼ਹਾਲੀ ਅਤੇ ਸਿੱਖ ਨਵੇਂ ਸਾਲ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਬੱਚਿਆਂ ਦੀ ਕਲਾ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸਮਾਗਮਾਂ ਨੂੰ ਆਪਸੀ ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਦੱਸਿਆ।
ਵਿਸਾਖੀ ਦਾ ਇਹ ਪਵਿੱਤਰ ਤਿਉਹਾਰ ਸਾਨੂੰ ਖੁਸ਼ਹਾਲੀ ਅਤੇ ਏਕਤਾ ਦਾ ਮਾਰਗ ਦਿਖਾਉਂਦਾ ਹੈ। ਸਾਡਾ ਮਕਸਦ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਦਾ ਸਤਿਕਾਰ ਕਰਨਾ ਸਿਖਾਉਣਾ ਹੈ। ਸਮਾਗਮ ਦੇ ਅਖੀਰ ’ਚ ਸਾਰਿਆਂ ਨੂੰ ਮਠਿਆਈਆਂ ਵੰਡੀਆਂ ਗਈਆਂ। ਇਹ ਦਿਨ ਵਿਦਿਆਰਥੀਆਂ ਲਈ ਨਾ ਸਿਰਫ਼ ਮਨੋਰੰਜਨ ਭਰਿਆ ਰਿਹਾ, ਸਗੋਂ ਉਨ੍ਹਾਂ ਨੂੰ ਪੰਜਾਬ ਦੀ ਵਿਰਾਸਤ ਅਤੇ ਕਿਸਾਨੀ ਜੀਵਨ ਬਾਰੇ ਗਹਿਰੀ ਜਾਣਕਾਰੀ ਵੀ ਮਿਲੀ। ਖੁਸ਼ੀ, ਏਕਤਾ ਅਤੇ ਸੱਭਿਆਚਾਰਕ ਮਾਣ ਦੇ ਸੁਨੇਹੇ ਨਾਲ ਇਹ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋਇਆ।