ਭਗਵੰਤ ਮਾਨ ਸਰਕਾਰ ਨੇ ਸਾਰੇ ਵਾਅਦੇ ਕੀਤੇ ਪੂਰੇ
ਭਗਵੰਤ ਮਾਨ ਸਰਕਾਰ ਨੇ ਸਾਰੇ ਵਾਅਦੇ ਕੀਤੇ ਪੂਰੇ : ‘ਆਪ’ ਆਗੂ
Publish Date: Thu, 09 Apr 2026 03:47 PM (IST)
Updated Date: Fri, 10 Apr 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਹ ਇਤਿਹਾਸਕ ਕੰਮ ਕਰਕੇ ਵਿਖਾਏ ਹਨ, ਜੋ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਾਲੇ ਆਪਣੀਆਂ ਸਰਕਾਰਾਂ ਦੌਰਾਨ ਨਹੀਂ ਕਰ ਸਕੇ। ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੀ ਤਰ੍ਹਾਂ ਨਿਭਾਏ ਜਾ ਚੁੱਕੇ ਹਨ। ਭਗਵੰਤ ਮਾਨ ਸਰਕਾਰ ਨੇ ਮਹਿਲਾਵਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਵੀ ਵੱਡੇ ਕਦਮ ਚੁੱਕੇ ਹਨ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਪਿੱਛੜੀਆਂ ਤੇ ਅਨੁਸੂਚਿਤ ਜਾਤੀਆਂ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ, ਜਿਸ ਨਾਲ ਘਰੇਲੂ ਆਰਥਿਕਤਾ ਨੂੰ ਮਜ਼ਬੂਤੀ ਮਿਲੀ ਹੈ। ਆਗੂਆਂ ਨੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਾਜਨੀਤੀ ਵਿਚ ਇਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜਿੱਥੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਂਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਦਾ ਭਰੋਸਾ ਪਾਰਟੀ ’ਤੇ ਲਗਾਤਾਰ ਵੱਧ ਰਿਹਾ ਹੈ।