ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ : ਚਾਵਲਾ
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵਿਆਂ ਦੀ ਨਿਕਲੀ ਫੂਕ
Publish Date: Fri, 20 Mar 2026 04:02 PM (IST)
Updated Date: Sat, 21 Mar 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਤੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਬੜੇ ਜ਼ੋਰ ਸ਼ੋਰ ਨਾਲ ਦਾਅਵੇ ਕੀਤੇ ਜਾ ਰਹੇ ਹਨ। ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਕੂਲ ਆਫ਼ ਐਮੀਨੈਸ ਅਤੇ ਪੰਜਾਬ ਦੇ 233 ਸਰਕਾਰੀ ਸਕੂਲਾਂ ਦਾ ਨਾਂ ਪੀ.ਐਮ ਸ੍ਰੀ ਸਕੂਲ ਰੱਖ ਦਿੱਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੁਖੀ ਦੀ ਜ਼ਿੰਮੇਵਾਰੀ ਲਈ ਪ੍ਰਿੰਸੀਪਲ ਦੀ ਅਸਾਮੀ ਮਨਜ਼ੂਰ ਹੁੰਦੀ ਹੈ। ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਦਾ ਪ੍ਰਚਾਰ ਕਰਨ ਵਾਲੇ ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਆਪਣੀ ਵਿਧਾਨ ਸਭਾ ਦੀ ਚੋਣ ਹਾਰ ਜਾਣ ਤੋਂ ਬਾਅਦ ਵਿਹਲੇ ਹੋਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ, ਰੋੜੀਕਪੂਰਾ, ਮੱਤਾ, ਚੰਦਭਾਨ, ਬਾਜਾਖਾਨਾ (ਕੁੜੀਆਂ), ਗੋਬਿੰਦਗੜ੍ਹ ਦਬੜ੍ਹੀਖਾਨਾ, ਝੱਖੜ ਵਾਲਾ, ਮਚਾਕੀ ਕਲਾਂ, ਹਰੀ ਨੋਂ, ਸਾਦਿਕ (ਕੁੜੀਆਂ), ਗੋਲੇਵਾਲਾ, ਢੁੱਡੀ, ਕੋਟਸੁਖੀਆ, ਵਾਂਦਰ ਜਟਾਣਾ, ਜੰਡ ਸਾਹਿਬ, ਸ਼ੇਰ ਸਿੰਘ ਵਾਲਾ, ਸੁੱਖਣ ਵਾਲਾ, ਦੀਪ ਸਿੰਘ ਵਾਲਾ, ਫ਼ਰੀਦਕੋਟ ਕੁੜੀਆਂ, ਬਲਬੀਰ ਫ਼ਰੀਦਕੋਟ, ਚੰਦਬਾਜਾ, ਕੋਹਾਰ ਵਾਲਾ, ਸਰਾਵਾਂ, ਪੰਜਗਰਾਈਂ ਕਲਾਂ (ਲੜਕੇ) ਅਤੇ ਜੈਤੋ (ਲੜਕੇ) ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਕੁੱਲ 25 ਅਸਾਮੀਆਂ ਬੜੇ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ, ਜਦਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਗਿਣਤੀ 42 ਹੈ। ਇਸ ਤਰ੍ਹਾਂ ਜ਼ਿਲ੍ਹੇ ਦੇ 60 ਫੀਸਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ 14 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਪ੍ਰਿੰਸੀਪਲਾਂ ਦੀਆਂ 9 ਅਸਾਮੀਆਂ ਖਾਲੀ ਪਈਆਂ ਹਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕੁੱਲ 13 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਪ੍ਰਿੰਸੀਪਲਾਂ ਦੀਆਂ 6 ਅਸਾਮੀਆਂ ਖਾਲੀ ਪਈਆਂ ਹਨ, ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜੈਤੋ ਦੇ 15 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਪ੍ਰਿੰਸੀਪਲਾਂ ਦੀਆਂ 10 ਅਸਾਮੀਆਂ ਖਾਲੀ ਪਈਆਂ ਹਨ। ਇਸ ਤੋਂ ਇਲਾਵਾ ਫ਼ਰੀਦਕੋਟ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਦੀਆਂ ਆਸਾਮੀਆਂ ਵੀ ਖਾਲੀ ਪਈਆਂ ਹਨ। ਇਸ ਸਬੰਧ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਵਿਦਿਆਰਥੀਆਂ ਅਤੇ ਲੋਕ ਹਿੱਤ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਸਾਰੀਆਂ ਖਾਲੀ ਪਈਆਂ 26 ਅਸਾਮੀਆਂ ਤੁਰੰਤ ਭਰੀਆਂ ਜਾਣ ਤਾਂ ਹੀ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦਾ ਸੁਪਨਾ ਕੁੱਝ ਹੱਦ ਤੱਕ ਸਾਕਾਰ ਹੋ ਸਕਦੇ ਹਨ।