- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਦੀ ਭਾਜਪਾ ਸਰਕਾਰ ਕਿਸਾਨ-ਮਜ਼ਦੂਰ ਤੇ ਮਿਹਨਤਕਸ਼ ਵਿਰੋਧੀ : ਮਨਜਿੰਦਰ ਸਿੰਘ ਹੈਪੀ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਕਾਂਗਰਸ ਪਾਰਟੀ ਦੇਸ਼ ਦੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜਿਸ ਨੂੰ ਦੇਸ਼ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਹਿੱਤਾਂ ਦੀ ਡੂੰਘੀ ਸਮਝ ਹੈ। ਇਸੇ ਕਾਰਨ ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ-ਪੱਖੀ ਰਹੀਆਂ ਹਨ ਅਤੇ ਪਾਰਟੀ ਨੇ ਹਰ ਸਮੇਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਲਈ ਸੰਘਰਸ਼ ਕੀਤਾ ਹੈ। ਇਹ ਵਿਚਾਰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਰੋਮਾਣਾ ਅਜੀਤ ਸਿੰਘ ਨੇ ਇੱਥੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਅਤੇ ਲੋਕਾਂ ਦੇ ਭਲੇ ਨੂੰ ਪਹਿਲ ਦਿੱਤੀ ਹੈ, ਜਦਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਹਿੱਤਾਂ ਨੂੰ ਅਣਡਿੱਠਾ ਕਰਦੇ ਹੋਏ ਦੇਸ਼ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੇ ਬਿਲਕੁਲ ਉਲਟ ਹਨ, ਜਿਸ ਕਾਰਨ ਇਨ੍ਹਾਂ ਵਰਗਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਨੇ ਕਿਹਾ ਕਿ ਭਾਜਪਾ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਵਿੱਚ ਸਮਾਜਿਕ ਸਦਭਾਵਨਾ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਵੱਖ-ਵੱਖ ਵਰਗਾਂ ਵਿਚਕਾਰ ਬੇਲੋੜੇ ਟਕਰਾਅ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਨੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨਾ ਤਾਂ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕਰ ਸਕੀ ਹੈ ਅਤੇ ਨਾ ਹੀ ਆਮ ਲੋਕਾਂ ਨੂੰ ਕੋਈ ਵੱਡੀ ਰਾਹਤ ਦੇ ਸਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਚੋਣ ਪ੍ਰਣਾਲੀ ਵਿੱਚ ਵੱਧਦੇ ਧਨ-ਬਲ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਕੀਤਾ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਆਮ ਅਤੇ ਗਰੀਬ ਪਰਿਵਾਰਾਂ ਦਾ ਜੀਵਨ ਮੁਸ਼ਕਲ ਬਣਾ ਦਿੱਤਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘਟਦੇ ਜਾ ਰਹੇ ਹਨ, ਜਿਸ ਕਾਰਨ ਬੇਰੁਜ਼ਗਾਰੀ ਇੱਕ ਗੰਭੀਰ ਚੁਣੌਤੀ ਬਣ ਚੁੱਕੀ ਹੈ। ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਨੇ ਕਿਹਾ ਕਿ ਭਾਰਤ ਇੱਕ ਖੇਤੀ ਪ੍ਰਧਾਨ ਅਤੇ ਬਹੁਤ ਹੀ ਉਪਜਾਊ ਦੇਸ਼ ਹੈ, ਪਰ ਮੌਜੂਦਾ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਖੋਖਲੇ ਨਾਅਰਿਆਂ ਨੇ ਵਿਕਾਸ ਦੀ ਰਫ਼ਤਾਰ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰਨ, ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਰੱਖਣ ਅਤੇ ਲੋਕਾਂ ਨੂੰ ਆਪਸ ਵਿੱਚ ਵੰਡਣ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਮਹਿੰਗਾਈ, ਭ੍ਰਿਸ਼ਟਾਚਾਰ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਸ ਲਈ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ ਹਨ। ਮਨਜਿੰਦਰ ਸਿੰਘ ‘ਹੈਪੀ ਧਾਲੀਵਾਲ’ ਨੇ ਦਾਅਵਾ ਕੀਤਾ ਕਿ ਦੇਸ਼ ਦੀ ਜਨਤਾ ਹੁਣ ਇਨ੍ਹਾਂ ਨੀਤੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਬਦਲਾਅ ਲਈ ਤਿਆਰ ਬੈਠੀ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਵਰਕਰਾਂ ਨੂੰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਵੀ ਦਿੱਤਾ।