ਸੂਬੇ ਨੂੰ ਨਸ਼ਾ ਮੁਕਤ ਕਰਨ ਲਈ 'ਨਸ਼ਾ ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ : ਸਿੱਧੂ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ
Publish Date: Tue, 22 Sep 2026 04:25 PM (IST)
Updated Date: Wed, 23 Sep 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਰਾਜ ਦੀ ਗੁਆਚੀ ਸ਼ਾਨ ਬਹਾਲ ਕਰਨ ਦੇ ਮਨੋਰਥ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਤੇ ਸੁਚੇਤ ਕਰਨਾ ਹੈ। ਇਸੇ ਲੜੀ ਤਹਿਤ ਯਾਤਰਾ ਦੀਆਂ ਤਿਆਰੀਆਂ ਅਤੇ ਰੂਪ-ਰੇਖਾ ਉੱਤੇ ਵਿਚਾਰ-ਵਟਾਂਦਰਾ ਕਰਨ ਲਈ ਸੀਨੀਅਰ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਅਗਵਾਈ ਹੇਠ ਕੋਟਕਪੂਰਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ, ਹਰਦੀਪ ਸ਼ਰਮਾ, ਮੁਕੇਸ਼ ਗਰਗ, ਯੂਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਧਰਮਵੀਰ ਸ਼ਰਮਾ, ਸਰਕਲ-2 ਦੇ ਪ੍ਰਧਾਨ ਵਨੀਤ ਮਿੱਤਲ, ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਗਿੱਲ ਸਮੇਤ ਕਈ ਹੋਰ ਪ੍ਰਮੁੱਖ ਆਗੂ ਤੇ ਵਰਕਰ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਆਖਿਆ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਇੱਕ ਅਹਿਮ ਅਤੇ ਇਤਿਹਾਸਕ ਪਹਿਲਕਦਮੀ ਸਾਬਤ ਹੋਵੇਗੀ। ਇਸ ਯਾਤਰਾ ਰਾਹੀਂ ਘਰ-ਘਰ ਤੱਕ ਪਹੁੰਚ ਕਰਕੇ ਨੌਜਵਾਨਾਂ ਨੂੰ ਖੇਡਾਂ, ਚੰਗੀ ਸਿਹਤ ਅਤੇ ਸਮਾਜਿਕ ਸੇਵਾ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇਗਾ।