- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਰਲ ਵਰਗ ਲਈ ਵਿਸ਼ੇਸ਼ ਰਾਹਤ ਯੋਜਨਾਵਾਂ ਲਿਆਵੇ ਭਾਜਪਾ : ਰਾਮ ਰਤਨ ਜਿੰਦਲ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਭਾਰਤੀ ਜਨਤਾ ਪਾਰਟੀ ਮੰਡਲ ਜੈਤੋ ਦੇ ਪ੍ਰਧਾਨ ਪ੍ਰਸਿੱਧ ਠੇਕੇਦਾਰ ਰਾਮ ਰਤਨ ਜਿੰਦਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਇੱਕ ਵਿਸਥਾਰਪੂਰਵਕ ਪੱਤਰ ਭੇਜ ਕੇ ਪੰਜਾਬ ਦੇ ਆਰਥਿਕ ਤੌਰ ’ਤੇ ਕਮਜ਼ੋਰ ਜਨਰਲ ਵਰਗ ਦੇ ਪਰਿਵਾਰਾਂ ਲਈ ਵਿਸ਼ੇਸ਼ ਭਲਾਈ ਯੋਜਨਾਵਾਂ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਘਰੇਲੂ ਖ਼ਰਚਿਆਂ ਕਾਰਨ ਜਨਰਲ ਵਰਗ ਦੇ ਅਨੇਕਾਂ ਪਰਿਵਾਰ ਵੀ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਭਾਜਪਾ ਨੂੰ ਇਸ ਵਰਗ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਲੋਕ-ਭਲਾਈ ਸਕੀਮਾਂ ਤਿਆਰ ਕਰਕੇ ਆਪਣਾ ਸਪੱਸ਼ਟ ਰੁਖ ਜਨਤਾ ਸਾਹਮਣੇ ਰੱਖਣਾ ਚਾਹੀਦਾ ਹੈ। ਰਾਮ ਰਤਨ ਜਿੰਦਲ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਨਾਲ ਹੋਈ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ 300 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਅਤੇ ਔਰਤਾਂ ਲਈ ਐਲਾਨੀਆਂ ਗਈਆਂ ਆਰਥਿਕ ਸਹਾਇਤਾ ਯੋਜਨਾਵਾਂ ਨੂੰ ਕਈ ਲੋਕ, ਖ਼ਾਸ ਕਰਕੇ ਜਨਰਲ ਵਰਗ ਦੇ ਪਰਿਵਾਰ, ਸਕਾਰਾਤਮਕ ਨਜ਼ਰੀਏ ਨਾਲ ਦੇਖਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਭਲਾਈ ਯੋਜਨਾਵਾਂ ਦਾ ਲਾਭ ਬਿਨਾਂ ਜਾਤੀਗਤ ਭੇਦਭਾਵ ਦੇ ਵਿਆਪਕ ਤੌਰ ’ਤੇ ਮਿਲਦਾ ਹੈ ਤਾਂ ਇਸ ਨਾਲ ਆਮ ਪਰਿਵਾਰਾਂ ਨੂੰ ਸਿੱਧੀ ਆਰਥਿਕ ਰਾਹਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜਨਰਲ ਵਰਗ ਦੇ ਬਹੁਤ ਸਾਰੇ ਪਰਿਵਾਰ ਅਜਿਹੇ ਹਨ ਜੋ ਕਿਸੇ ਵੀ ਵਿਸ਼ੇਸ਼ ਰਾਖਵੇਂ ਵਰਗ ਵਿੱਚ ਨਹੀਂ ਆਉਂਦੇ, ਪਰ ਇਸ ਦੇ ਬਾਵਜੂਦ ਉਹ ਮਹਿੰਗਾਈ, ਬੱਚਿਆਂ ਦੀ ਸਿੱਖਿਆ, ਸਿਹਤ ਸੇਵਾਵਾਂ ਅਤੇ ਰੋਜ਼ਾਨਾ ਦੇ ਵਧ ਰਹੇ ਖ਼ਰਚਿਆਂ ਕਾਰਨ ਆਰਥਿਕ ਸੰਕਟ ਵਿੱਚ ਜੀਵਨ ਬਤੀਤ ਕਰ ਰਹੇ ਹਨ। ਅਜਿਹੇ ਪਰਿਵਾਰਾਂ ਲਈ ਵੀ ਸਰਕਾਰਾਂ ਨੂੰ ਵਿਸ਼ੇਸ਼ ਰਾਹਤ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਵੀ ਸਮੇਂ ਸਿਰ ਆਰਥਿਕ ਸਹਾਰਾ ਮਿਲ ਸਕੇ। ਰਾਮ ਰਤਨ ਜਿੰਦਲ ਨੇ ਕੇਂਦਰ ਸਰਕਾਰ ਦੀ ਮੁਫ਼ਤ ਰਾਸ਼ਨ ਯੋਜਨਾ ਸਬੰਧੀ ਵੀ ਮਹੱਤਵਪੂਰਨ ਸੁਝਾਅ ਦਿੰਦਿਆਂ ਕਿਹਾ ਕਿ ਇਸ ਯੋਜਨਾ ਦਾ ਲਾਭ ਅਸਲ ਹੱਕਦਾਰਾਂ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ। ਇਸ ਲਈ ਲਾਭਪਾਤਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਲੋਕਾਂ ਨੇ ਗਲਤ ਜਾਣਕਾਰੀ ਜਾਂ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਸ਼ਨ ਕਾਰਡ ਬਣਵਾਏ ਹਨ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਨਾਲ ਸਰਕਾਰੀ ਯੋਜਨਾਵਾਂ ਵਿੱਚ ਪਾਰਦਰਸ਼ਤਾ ਵੀ ਆਵੇਗੀ ਅਤੇ ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇਗਾ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜਨਰਲ ਵਰਗ ਦੇ ਉਹ ਪਰਿਵਾਰ ਜਿਨ੍ਹਾਂ ਦੀ ਸਾਲਾਨਾ ਆਮਦਨ ਲਗਭਗ ਚਾਰ ਤੋਂ ਪੰਜ ਲੱਖ ਰੁਪਏ ਤੱਕ ਹੈ ਅਤੇ ਜੋ ਮਹਿੰਗਾਈ ਦੇ ਬਾਵਜੂਦ ਸੀਮਤ ਆਮਦਨ ਵਿੱਚ ਘਰ ਦਾ ਗੁਜ਼ਾਰਾ ਕਰ ਰਹੇ ਹਨ, ਉਨ੍ਹਾਂ ਨੂੰ ਵੀ ਰਿਆਇਤੀ ਦਰਾਂ ’ਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਮੱਧ ਵਰਗ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਜੀਵਨ ਪੱਧਰ ਸੁਧਰਨ ਵਿੱਚ ਮਦਦ ਮਿਲੇਗੀ। ਰਾਮ ਰਤਨ ਜਿੰਦਲ ਨੇ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਕਿ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸਾਰੇ ਵਰਗਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਜਨਰਲ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਠੋਸ ਅਤੇ ਵਿਹਾਰਕ ਭਲਾਈ ਯੋਜਨਾਵਾਂ ਤਿਆਰ ਕਰਦੀ ਹੈ ਤਾਂ ਇਸ ਨਾਲ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ਅਜਿਹੀਆਂ ਨੀਤੀਆਂ ਨੂੰ ਵਧੇਰੇ ਪਸੰਦ ਕਰਦੇ ਹਨ ਜੋ ਸਮਾਜ ਦੇ ਹਰ ਲੋੜਵੰਦ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਜਿਨ੍ਹਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਅਸਲ ਹੱਕਦਾਰਾਂ ਤੱਕ ਪਹੁੰਚੇ। ਉਨ੍ਹਾਂ ਆਸ ਪ੍ਰਗਟਾਈ ਕਿ ਭਾਜਪਾ ਦਾ ਕੌਮੀ ਨੇਤ੍ਰਿਤਵ ਉਨ੍ਹਾਂ ਵੱਲੋਂ ਭੇਜੇ ਗਏ ਸੁਝਾਵਾਂ ’ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਭਵਿੱਖ ਵਿੱਚ ਪੰਜਾਬ ਦੇ ਆਰਥਿਕ ਤੌਰ ’ਤੇ ਕਮਜ਼ੋਰ ਜਨਰਲ ਵਰਗ ਲਈ ਵਿਸ਼ੇਸ਼ ਭਲਾਈ ਯੋਜਨਾਵਾਂ ਅਤੇ ਰਾਹਤ ਉਪਰਾਲਿਆਂ ਨੂੰ ਆਪਣੀ ਨੀਤੀ ਦਾ ਹਿੱਸਾ ਬਣਾਏਗਾ।