ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਵਿਆਪਕ ਸਰਚ ਆਪ੍ਰੇਸ਼ਨ
Publish Date: Tue, 15 Sep 2026 06:49 PM (IST)
Updated Date: Wed, 16 Sep 2026 04:08 AM (IST)
ਪੁਲਿਸ ਵੱਲੋਂ ਵਿਆਪਕ ਸਰਚ ਆਪ੍ਰੇਸ਼ਨ ਸ਼ਰਮਾ/ ਗਰਗ ਪੰਜਾਬੀ ਜਾਗਰਣ ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਈ-ਮੇਲ ਰਾਹੀਂ ਜ਼ਿਲ੍ਹੇ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਭਰੀਆਂ ਈ-ਮੇਲਾਂ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਸਕੂਲਾਂ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ।ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਕਰੀਬ 10:15 ਵਜੇ ਦੋ ਵੱਖ-ਵੱਖ ਈ-ਮੇਲ ਪ੍ਰਾਪਤ ਹੋਈਆਂ। ਪਹਿਲੀ ਈ-ਮੇਲ ਵਿੱਚ ਫਰੀਦਕੋਟ ਦੇ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਤੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਤੋਂ ਕੁਝ ਸਮੇਂ ਬਾਅਦ ਆਈ ਦੂਜੀ ਈ-ਮੇਲ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜੀ ਸਕੂਲ ਅਤੇ ਸੇਂਟ ਮੈਰੀ ਸਕੂਲ ਨੂੰ ਵੀ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਗਈ।ਧਮਕੀ ਮਿਲਣ ਦੀ ਸੂਚਨਾ ਤੋਂ ਬਾਅਦ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀਐਸਪੀ ਅਤੇ ਐਸਐਚਓਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਾਰੇ ਸਬੰਧਤ ਸਕੂਲਾਂ ਵਿੱਚ ਪਹੁੰਚ ਕੇ ਵਿਆਪਕ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ। ਪੁਲਿਸ ਮੁਲਾਜ਼ਮਾਂ ਵੱਲੋਂ ਸਕੂਲਾਂ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।ਇਸ ਸਬੰਧੀ ਡੀਐਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਸਾਰੇ ਸਬੰਧਤ ਸਕੂਲਾਂ ਦੀ ਜਾਂਚ ਕਰਵਾਈ ਗਈ। ਸਰਚ ਦੌਰਾਨ ਕਿਸੇ ਵੀ ਸਕੂਲ ਵਿੱਚੋਂ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਧਮਕੀਆਂ ਤੋਂ ਘਬਰਾਉਣ ਨਾ ਅਤੇ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੀਆਂ ਈ-ਮੇਲਾਂ ਦੇ ਸਰੋਤ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ।