- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਹਲਕੇ ਦੇ ਵਿਕਾਸ ਦੀ ਪਹਿਚਾਣ ਹਨ ਮਨਤਾਰ ਸਿੰਘ ਬਰਾੜ : ਅਕਾਲੀ ਆਗੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਵਿਕਾਸ ਦੀ ਗੱਲ ਜਦੋਂ ਵੀ ਕੀਤੀ ਜਾਵੇਗੀ ਤਾਂ ਸਾਬਕਾ ਵਿਧਾਇਕ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਸਹਿਕਾਰਤਾ ਮੰਤਰੀ ਸਵਰਗੀ ਜਸਵਿੰਦਰ ਸਿੰਘ ਬਰਾੜ ਦੇ ਸਪੁੱਤਰ ਸਰਦਾਰ ਮਨਤਾਰ ਸਿੰਘ ਬਰਾੜ ਦਾ ਨਾਮ ਮੋਹਰੀ ਕਤਾਰ ਵਿੱਚ ਸ਼ਾਮਲ ਹੋਵੇਗਾ। ਇਹ ਪ੍ਰਗਟਾਵਾ ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਯੂਥ ਸ਼੍ਰੋਮਣੀ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ ਅਤੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ ਨੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ ਮਨਤਾਰ ਸਿੰਘ ਬਰਾੜ ਨੇ ਆਪਣੇ ਵਿਧਾਇਕ ਕਾਰਜਕਾਲ ਦੌਰਾਨ ਕੋਟਕਪੂਰਾ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਅਜਿਹੀ ਮਜ਼ਬੂਤ ਨੀਂਹ ਰੱਖੀ, ਜਿਸ ਦਾ ਲਾਭ ਅੱਜ ਵੀ ਹਜ਼ਾਰਾਂ ਪਰਿਵਾਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਕਦੇ ਵੀ ਸਿਆਸੀ ਨਜ਼ਰੀਏ ਨਾਲ ਨਹੀਂ, ਸਗੋਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਹਲਕੇ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਤਰਜੀਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਮਨਤਾਰ ਸਿੰਘ ਬਰਾੜ ਦਾ ਯੋਗਦਾਨ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਯਤਨਾਂ ਸਦਕਾ ਕੋਟਕਪੂਰਾ ਦਾ ਇਤਿਹਾਸਕ ਸ਼ਹੀਦ ਭਗਤ ਸਿੰਘ ਕਾਲਜ ਸਰਕਾਰੀ ਅਧੀਨ ਆਇਆ, ਜਿਸ ਨਾਲ ਸੰਸਥਾ ਨੂੰ ਨਵੀਂ ਮਜ਼ਬੂਤੀ ਮਿਲੀ ਅਤੇ ਹਜ਼ਾਰਾਂ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਬਿਹਤਰ ਮੌਕੇ ਉਪਲਬਧ ਹੋਏ। ਇਸ ਤੋਂ ਇਲਾਵਾ ਸਰਕਾਰੀ ਬਹੁ-ਤਕਨੀਕੀ ਕਾਲਜ (ਪੌਲੀਟੈਕਨਿਕ) ਅਤੇ ਲੜਕੀਆਂ ਲਈ ਸਰਕਾਰੀ ਆਈ.ਟੀ.ਆਈ. ਦੀ ਸਥਾਪਨਾ ਕਰਵਾ ਕੇ ਨੌਜਵਾਨਾਂ, ਖ਼ਾਸ ਕਰਕੇ ਧੀਆਂ ਨੂੰ ਤਕਨੀਕੀ ਅਤੇ ਕਿੱਤਾਮੁਖੀ ਸਿੱਖਿਆ ਦੇ ਨਵੇਂ ਰਾਹ ਪ੍ਰਦਾਨ ਕੀਤੇ ਗਏ। ਅਕਾਲੀ ਆਗੂਆਂ ਨੇ ਕਿਹਾ ਕਿ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਕੋਟਕਪੂਰਾ ਨੂੰ ਤਹਿਸੀਲ ਦਾ ਦਰਜਾ ਮਿਲਿਆ, ਜਿਸ ਨਾਲ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਆਪਣੇ ਹੀ ਇਲਾਕੇ ਵਿੱਚ ਉਪਲਬਧ ਹੋਣ ਲੱਗੀਆਂ। ਇਸ ਦੇ ਨਾਲ ਹੀ ਬਿਜਲੀ ਦੇ ਕਈ ਗਰਿੱਡਾਂ ਨੂੰ ਅਪਗ੍ਰੇਡ ਕੀਤਾ ਗਿਆ, ਸੀਵਰੇਜ ਪ੍ਰਣਾਲੀ ਦਾ ਵਿਸਥਾਰ ਹੋਇਆ, ਰੇਲਵੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ ਅਤੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਵੀਆਂ ਕੱਸੀਆਂ, ਖਾਲੇ ਅਤੇ ਲਿਫਟ ਪੰਪ ਬਣਾਏ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਟਿਊਬਵੈੱਲ ਬਿਜਲੀ ਕੁਨੈਕਸ਼ਨ ਮੁਹੱਈਆ ਕਰਵਾਏ ਗਏ, ਪਿੰਡਾਂ ਦੀਆਂ ਢਾਣੀਆਂ ਤੱਕ ਜਾਂਦੇ ਕੱਚੇ ਰਸਤਿਆਂ ਨੂੰ ਪੱਕਾ ਕੀਤਾ ਗਿਆ ਅਤੇ ਕੋਟਕਪੂਰਾ ਸ਼ਹਿਰ ਸਮੇਤ ਹਲਕੇ ਦੀਆਂ ਅਨੇਕਾਂ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕਰਵਾਇਆ ਗਿਆ। ਪਿੰਡਾਂ ਅਤੇ ਸ਼ਹਿਰ ਦੇ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਗਿਆ, ਜਦਕਿ ਸ਼ਹਿਰ ਦੀਆਂ ਗਲੀਆਂ ਅਤੇ ਸੜਕਾਂ ਨੂੰ ਇੰਟਰਲਾਕਿੰਗ ਟਾਇਲਾਂ ਨਾਲ ਵਿਕਸਤ ਕਰਕੇ ਆਧੁਨਿਕ ਰੂਪ ਦਿੱਤਾ ਗਿਆ। ਅਕਾਲੀ ਆਗੂਆਂ ਨੇ ਕਿਹਾ ਕਿ ਮਨਤਾਰ ਸਿੰਘ ਬਰਾੜ ਨੇ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਕੇ ਲੋਕ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਵਿਕਾਸ, ਇਮਾਨਦਾਰੀ, ਸਾਦਗੀ ਅਤੇ ਦੂਰਅੰਦੇਸ਼ੀ ਸੋਚ ਕਾਰਨ ਅੱਜ ਵੀ ਹਲਕੇ ਦੇ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਵਿਸ਼ੇਸ਼ ਸਤਿਕਾਰ ਅਤੇ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਯਾਦਗਾਰ ਰਹਿਣਗੇ। ਅੰਤ ਵਿੱਚ ਅਕਾਲੀ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ ਅਤੇ ਉਹ ਇਤਿਹਾਸਕ ਜਿੱਤ ਦਰਜ ਕਰਕੇ ਮੁੜ ਵਿਧਾਨ ਸਭਾ ਵਿੱਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਮਿਲਣ ਉਪਰੰਤ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਕੋਟਕਪੂਰਾ ਨੂੰ ਵਿਕਾਸ ਦੇ ਨਵੇਂ ਮਾਪਦੰਡਾਂ ਤੱਕ ਪਹੁੰਚਾਇਆ ਜਾਵੇਗਾ।