ਕੇਂਦਰ ਸਰਕਾਰ ਦਾ ਬਜਟ ਕਿਸਾਨ ਵਿਰੋਧੀ : ਨਛੱਤਰ ਸਿੰਘ ਜੈਤੋ
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਕਿਸਾਨ ਵਿਰੋਧੀ : ਨਛੱਤਰ ਸਿੰਘ ਜੈਤੋ
Publish Date: Thu, 05 Feb 2026 03:46 PM (IST)
Updated Date: Fri, 06 Feb 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਨੇ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨ ਮਾਰੂ ਅਤੇ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਵਿਰੋਧੀ ਰਹੀ ਹੈ, ਜਿਸ ਦੀ ਮਿਸਾਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਤਾਜ਼ਾ ਬਜਟ ਤੋਂ ਸਹਿਜੇ ਹੀ ਮਿਲ ਸਕਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸਾਨ ਨੇ ਦੇਸ਼ ਦੇ ਭੰਡਾਰ ਭਰਨ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ। ਜਿਸ ਨਾਲ ਦੇਸ਼ ਦੀ ਆਰਥਿਕਤਾ ਮਜ਼ਬੂਤ ਹੋਣ ਤੋਂ ਇਲਾਵਾ ਦੇਸ਼ ਅਨਾਜ ਪੈਦਾ ਕਰਨ ਵਿਚ ਆਤਮ-ਨਿਰਭਰ ਹੋ ਗਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕਿਸਾਨ ਦੇ ਹਿੱਤਾਂ ਲਈ ਕੁਝ ਨਹੀਂ ਸੋਚਿਆ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦਾ ਗਲਾ ਘੁੱਟਣ ਲਈ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਅਨੇਕਾਂ ਹੀ ਸ਼ਹਾਦਤਾਂ ਦਿੱਤੀਆਂ ਗਈਆਂ। ਇੱਥੇ ਹੀ ਬੱਸ ਨਹੀਂ, ਹੁਣ ਵੀ ਕੇਂਦਰ ਸਰਕਾਰ ਲਗਾਤਾਰ ਕਿਸਾਨੀ ਤੇ ਖੇਤ ਮਜ਼ਦੂਰ ਨੂੰ ਮਾਰਨ ਲਈ ਨਵੇਂ-ਨਵੇਂ ਕਾਨੂੰਨ ਲਿਆ ਰਹੀ ਹੈ। ਜੇਕਰ ਸਰਕਾਰ ਕਿਸਾਨਾਂ ਦੀਆਂ ਸਮੱਸਿਅਵਾਂ ਸਮਝਣ ਵਿਚ ਸੰਜੀਦਾ ਹੁੰਦੀ ਤਾਂ ਇਸ ਵਾਰ ਬਜਟ ਵਿਚ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਲਿਆਉਣਾ ਚਾਹੀਦਾ ਸੀ। ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਵੱਡੇ-ਵੱਡੇ ਕਮਾਊ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤਾ ਹੈ ਅਤੇ ਕਿਸਾਨੀ ਨੂੰ ਵੀ ਕਾਰਪੋਰੇਟ ਘਰਾਇਆਂ ਨੂੰ ਵੇਚਣ ਲਈ ਅੰਦਰਖਾਤੇ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਦੀ ਇਹ ਮਨਸ਼ਾ ਕਦੇ ਵੀ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ।