ਮਨਰੇਗਾ ਖਤਮ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਮਨਰੇਗਾ ਹਟਾ ਕੇ ਮੋਦੀ ਸਰਕਾਰ ਨੇ ਗ਼ਰੀਬਾਂ ਦੇ ਮੂੰਹ ’ਚੋਂ ਰੋਟੀ ਖੋਹਣ ਦਾ ਕੰਮ ਕੀਤਾ : ਕਾਂਗਰਸੀ ਆਗੂ
Publish Date: Thu, 01 Jan 2026 03:21 PM (IST)
Updated Date: Fri, 02 Jan 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਕੇਂਦਰ ਸਰਕਾਰ ਵੱਲੋਂ ਮਨਰੇਗਾ ਖ਼ਤਮ ਕਰਕੇ ਲਿਆਂਦੇ ‘ਜੀ ਰਾਮ ਜੀ’ ਬਿਲ ਨਾਲ ਗ਼ਰੀਬ ਲੋਕਾਂ ਦੇ ਮੂੰਹ ਵਿਚੋਂ ਰੋਟੀ ਖੋਹਣ ਦਾ ਕੰਮ ਕੀਤਾ ਗਿਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦੇ ਮੈਂਬਰ ਡਾ. ਮੁਹੰਮਦ ਸਲੀਮ ਖਿਲਜੀ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਹਰਜਿੰਦਰ ਸਿੰਘ ਲਾਲੀ ਬਰਾੜ ਚੰਦਭਾਨ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਮੇਂ ਦੀ ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਦੇ ਨਾਂਅ ਹੇਠ ਚਲਾਈ ਮਨਰੇਗਾ ਸਕੀਮ ਵਿਚ ਗ਼ਰੀਬਾਂ ਨੂੰ 100 ਦਿਨਾਂ ਦਾ ਗਰੰਟੀ ਰੁਜ਼ਗਾਰ ਦਿੱਤਾ ਜਾਂਦਾ ਸੀ ਅਤੇ ਜਿਸ ਨੂੰ ਪਿੰਡਾਂ ਦੀ ਪੰਚਾਇਤਾਂ ਰਾਹੀਂ ਚਲਾਇਆ ਜਾਂਦਾ ਸੀ, ਦੀ 100 ਪ੍ਰਤੀਸ਼ਤ ਅਦਾਇਗੀ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਉਕਤ ਬਿਲ ਨੂੰ ਹਟਾ ਕੇ ਲਿਆਂਦਾ ਬਿਲ ‘ਜੀ ਰਾਮ ਜੀ’ ਜਿਸ ਵਿਚ ਅਦਾਇਗੀ ਲਈ ਕੇਂਦਰ ਸਰਕਾਰ ਦਾ ਹਿੱਸਾ 60 ਪ੍ਰਤੀਸ਼ਤ ਹੈ ਅਤੇ 40 ਪ੍ਰਤੀਸ਼ਤ ਦਾ ਸੂਬਿਆਂ ’ਤੇ ਬੋਝ ਪਾਇਆ ਗਿਆ ਹੈ ਅਤੇ ਨਾਲ ਹੀ ਗਰੰਟੀ ਨੂੰ ਖ਼ਤਮ ਕਰਕੇ ਰੁਜ਼ਗਾਰ ਦੇ ਦਿਨਾਂ ਨੂੰ ਵਧਾਉਣ ਦਾ ਕੀਤਾ ਗਿਆ ਖੋਖਲਾ ਦਾਅਵਾ ਗ਼ਰੀਬਾਂ ਨਾਲ ਕੋਰਾ ਮਜ਼ਾਕ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਗ਼ਰੀਬ ਮਾਰੂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਨਾਲ ਹੀ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇਗਾ।