ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੀ ਨਵੀਂ ਟੀਮ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਨਗਰ ਕੌਂਸਲ ਜੈਤੋ ਦੀ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਦਿਆਂ ਵਿਕਾਸ ਕਾਰਜਾਂ ਨੂੰ ਦੇਵੇਗੀ ਹੋਰ ਗਤੀ : ਮੁੰਡੀਆਂ ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਜੈਤੋ ਨਗਰ ਕੌਂਸਲ ਦੀ ਨਵੀਂ ਚੁਣੀ ਗਈ ਟੀਮ ਦੇ ਗਠਨ ਉਪਰੰਤ ਸੋਮਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਵ-ਚੁਣੇ ਅਹੁਦੇਦਾਰਾਂ ਅਤੇ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਦੇ ਸਰਵਪੱਖੀ ਵਿਕਾਸ, ਨਾਗਰਿਕ ਸਹੂਲਤਾਂ ਦੇ ਵਿਸਥਾਰ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਭਵਿੱਖੀ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਵ-ਚੁਣੇ ਪ੍ਰਧਾਨ ਸ੍ਰੀਮਤੀ ਨਿਰਮਲਾ ਦੇਵੀ ਗਰਗ, ਸੀਨੀਅਰ ਮੀਤ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ ਅਤੇ ਸਮੂਹ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਸ ’ਤੇ ਖਰਾ ਉਤਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ-ਹਿੱਤ ਨੂੰ ਸਰਵੋਪਰੀ ਰੱਖਦਿਆਂ ਕੰਮ ਕਰੇਗੀ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਵੇਗੀ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਨੂੰ ਆਧੁਨਿਕ, ਸੁਵਿਧਾਜਨਕ ਅਤੇ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸਾਫ਼-ਸਫ਼ਾਈ, ਸਟਰੀਟ ਲਾਈਟਾਂ, ਡਰੇਨੇਜ ਪ੍ਰਣਾਲੀ, ਪਾਰਕਾਂ ਦੇ ਸੁੰਦਰੀਕਰਨ ਅਤੇ ਹੋਰ ਨਾਗਰਿਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਜੈਤੋ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਅਤੇ ਸਰੋਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਪਈਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਵਾਰਡਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਅਤੇ ਤੁਰੰਤ ਹੱਲ ਲਈ ਨਗਰ ਕੌਂਸਲ ਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਬਣਾਈ ਰੱਖਣ। ਇਸ ਮੌਕੇ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਹੋ ਚੁੱਕੀ ਹੈ, ਪਰ ਨਗਰ ਕੌਂਸਲ ਦੇ ਸਾਰੇ 17 ਕੌਂਸਲਰ ਬਰਾਬਰ ਮਹੱਤਵ ਰੱਖਦੇ ਹਨ। ਹਰ ਕੌਂਸਲਰ ਆਪਣੇ ਵਾਰਡ ਦੇ ਲੋਕਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਸ਼ਹਿਰ ਦੇ ਵਿਕਾਸ ਵਿੱਚ ਹਰ ਇੱਕ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਤਜਰਬੇਕਾਰ, ਸਰਗਰਮ ਅਤੇ ਲੋਕ ਸੇਵਾ ਲਈ ਸਮਰਪਿਤ ਹੈ। ਸਾਰੇ ਅਹੁਦੇਦਾਰ ਅਤੇ ਕੌਂਸਲਰ ਆਪਸੀ ਸਹਿਯੋਗ, ਤਾਲਮੇਲ ਅਤੇ ਟੀਮ ਭਾਵਨਾ ਨਾਲ ਕੰਮ ਕਰਦਿਆਂ ਜੈਤੋ ਨੂੰ ਵਿਕਾਸ ਦੇ ਨਵੇਂ ਪੜਾਅ ’ਤੇ ਲੈ ਕੇ ਜਾਣਗੇ। ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੋਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੇ ਪਹਿਲੇ ਪੜਾਅ ਦੌਰਾਨ ਨਵੇਂ ਚੁਣੇ 16 ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕਣ ਵਾਲਿਆਂ ਵਿੱਚ ਵਾਰਡ ਨੰਬਰ-1 ਤੋਂ ਪ੍ਰੀਤਮ ਕੌਰ, ਵਾਰਡ ਨੰਬਰ-2 ਤੋਂ ਗੁਰਚਰਨ ਸਿੰਘ, ਵਾਰਡ ਨੰਬਰ-3 ਤੋਂ ਨਰਿੰਦਰਪਾਲ ਸਿੰਘ ਰਾਮੇਆਣਾ, ਵਾਰਡ ਨੰਬਰ-4 ਤੋਂ ਲਖਵਿੰਦਰ ਸਿੰਘ ‘ਲੱਖਾ ਬਰਾੜ’, ਵਾਰਡ ਨੰਬਰ-5 ਤੋਂ ਮਨਦੀਪ ਸ਼ਰਮਾ, ਵਾਰਡ ਨੰਬਰ-6 ਤੋਂ ਬੇਅੰਤ ਸਿੰਘ ‘ਰਾਜੂ ਸਿੱਧੂ’, ਵਾਰਡ ਨੰਬਰ-7 ਤੋਂ ਮਮਤਾ ਰਾਣੀ, ਵਾਰਡ ਨੰਬਰ-8 ਤੋਂ ਡਾ. ਹਰਿਸ਼ ਚੰਦਰ ਗੋਇਲ, ਵਾਰਡ ਨੰਬਰ-9 ਤੋਂ ਜਸਬੀਰ ਕੌਰ ਸਿੰਗਲਾ, ਵਾਰਡ ਨੰਬਰ-11 ਤੋਂ ਨਿਰਮਲਾ ਦੇਵੀ ਗਰਗ, ਵਾਰਡ ਨੰਬਰ-12 ਤੋਂ ਤੁਲਸੀ ਰਾਮ ਬਾਂਸਲ, ਵਾਰਡ ਨੰਬਰ-13 ਤੋਂ ਪ੍ਰਿਯੰਕਾ ਗਰਗ, ਵਾਰਡ ਨੰਬਰ-14 ਤੋਂ ਪਰਵੀਨ ਗਰਗ, ਵਾਰਡ ਨੰਬਰ-15 ਤੋਂ ਮਨਦੀਪ ਕੌਰ, ਵਾਰਡ ਨੰਬਰ-16 ਤੋਂ ਵਿਜੈ ਕੁਮਾਰ ਸੋਲੰਕੀ ਅਤੇ ਵਾਰਡ ਨੰਬਰ-17 ਤੋਂ ਅਮਰ ਸਿੰਘ ਸਿੰਗਲ ਸ਼ਾਮਲ ਸਨ। ਸਹੁੰ ਚੁੱਕ ਸਮਾਗਮ ਤੋਂ ਬਾਅਦ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ ਕਾਰਵਾਈ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ, ਜਿਸ ਵਿੱਚ ਸ੍ਰੀਮਤੀ ਨਿਰਮਲਾ ਦੇਵੀ ਗਰਗ ਨੂੰ ਪ੍ਰਧਾਨ, ਡਾ. ਹਰੀਸ਼ ਚੰਦਰ ਗੋਇਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਰਿੰਦਰਪਾਲ ਸਿੰਘ ਰਾਮੇਆਣਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਉਪਰੰਤ ਸਮੂਹ ਆਗੂਆਂ, ਅਧਿਕਾਰੀਆਂ ਅਤੇ ਕੌਂਸਲਰਾਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੈਤੋ ਦੀ ਜਨਤਾ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਹਲਕਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਸਮੂਹ ਕੌਂਸਲਰਾਂ ਦਾ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਜੈਤੋ ਨੂੰ ਇੱਕ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਤ ਸ਼ਹਿਰ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਜੈਤੋ ਵਿਕਰਮਜੀਤ ਬਾਂਸਲ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਨਦੀਪ ਗੋਇਲ, ਨਗਰ ਕੌਂਸਲ ਜੈਤੋ ਦੇ ਕਾਰਜਕਾਰੀ ਅਫ਼ਸਰ (ਈ.ਓ.) ਮਨਿੰਦਰਪਾਲ ਸਿੰਘ, ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉੱਪ ਪ੍ਰਧਾਨ ਤੇ ਜੈਤੋ ਇਕਾਈ ਦੇ ਚੇਅਰਮੈਨ ਨਰੇਸ਼ ਜਿੰਦਲ, ਨਗਰ ਕੌਂਸਲ ਦੇ ਇੰਸਪੈਕਟਰ ਨਾਇਬ ਸਿੰਘ ਬਰਾੜ ਸੇਵੇਵਾਲਾ, ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਕੋਮਲ ਕੁਮਾਰ ‘ਸੋਨੂੰ ਸ਼ਰਮਾ’, ਮਨਪ੍ਰੀਤ ਸਿੰਘ ਮਨੀ ਜੈਤੋ, ਭੂਸ਼ਣ ਰੋਮਾਣਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਦੇ ਪਤੀ ਧਰਮਪਾਲ ਗਰਗ, ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਇਕਾਈ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਤੇ ਪੰਜਾਬ ਟਰੇਡ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਨੂੰਹ ਪੂਜਾ ਰਾਣੀ ਗਰਗ, ਪੁੱਤਰ ਸੁਨੀਲ ਗਰਗ, ਨੂੰਹ ਸਵਰਨਾ ਗਰਗ, ਪੁੱਤਰੀ ਰੇਨੂੰ ਗਰਗ, ਪੋਤਰਾ ਪਿਊਸ਼ ਗਰਗ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਹਾਜ਼ਰ ਸਨ।