ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਲਾਇਆ ਕੈਂਪ
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਲਗਾਇਆ ਕੈਂਪ
Publish Date: Tue, 24 Mar 2026 04:31 PM (IST)
Updated Date: Wed, 25 Mar 2026 03:59 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਰੀਦਕੋਟ : ਸਿਵਲ ਸਰਜਨ, ਫਰੀਦਕੋਟ ਡਾ.ਪਰਵਜੀਤ ਸਿੰਘ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਪੁਨੀਤ ਕਾਜਲ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਦੇ ਨਵੇਂ ਬਣੇ ਜੱਚਾ-ਬੱਚਾ ਵਿਭਾਗ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ ਗਈ । ਕੈਂਪ ਦੌਰਾਨ ਐੱਸਐੱਮਓ ਡਾ. ਪੁਨੀਤ ਕਾਜਲ ਨੇ ਹਾਜ਼ਰ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਕੇਂਦਰ ਵਿੱਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ, ਉਨ੍ਹਾਂ ਕੇਅਰ ਕੰਪੈਂਨੀਅਨ ਪ੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਗਰਭ ਅਵਸਥਾ ਦੌਰਾਨ ਖਤਰੇ ਦੇ ਚਿੰਨ੍ਹਾਂ ਅਤੇ ਨਿਯਮਿਤ ਜਾਂਚ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੱਚਾ-ਬੱਚਾ ਦੀ ਸੁਰੱਖਿਆ ਲਈ ਜਣੇਪਾ ਹਮੇਸ਼ਾ ਸਰਕਾਰੀ ਹਸਪਤਾਲ ’ਚ ਹੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਜੱਚਾ-ਬੱਚਾ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਹਰ ਬੁੱਧਵਾਰ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ’ਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਉਨ੍ਹਾਂ ਦੱਸਿਆ ਕਿ ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਹਰ ਸੰਭਵ ਉਪਰਾਲੇ ਕਰ ਰਿਹਾ ਹੈ। ਇਸੇ ਤਹਿਤ ਸਿਹਤ ਕੇਂਦਰਾਂ ਤੇ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਸੰਸਥਾਗਤ ਜਣੇਪੇ ਦੌਰਾਨ ਨਿਯਮਿਤ ਜਾਂਚ, ਟੀਕਾਕਰਨ ਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਂਦੀ ਹੈ। ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਲਖਵਿੰਦਰ ਕੈਂਥ ਅਤੇ ਆਰਐੱਮਐੱਨਸੀਐੱਚ ਕੌਂਸਲਰ ਲਵਲੀ ਚਾਵਲਾ ਇਸ ਦਿਵਸ ਮੌਕੇ ਪਹੁੰਚੇ ਲੋਕਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ, ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬੰਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਮਾਸ ਮੀਡੀਆ ਬਰਾਂਚ ਵੱਲੋਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਵੀ ਤਕਸੀਮ ਕੀਤੀ ਗਈ । ਇਸ ਮੌਕੇ ਫੈਸਲਿਟੀ ਮੈਨੇਜਰ ਵੀਰਪਾਲ ਕੌਰ,ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।