ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ
ਪਿੰਡ ਦਲ ਸਿੰਘ ਵਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ
Publish Date: Mon, 02 Mar 2026 04:27 PM (IST)
Updated Date: Tue, 03 Mar 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਲੋਕਾਂ ਨੂੰ ਬਿਹਤਰ ਅਤੇ ਸਸਤੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਪਿੰਡ ਦਲ ਸਿੰਘ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਰਲਾਲ ਸਿੰਘ ਬਰਾੜ ਨੇ ਕੀਤਾ। ਇਸ ਕੈਂਪ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਏ। ਮਹਿਲਾਵਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦੇ ਹੋਏ ਯੋਜਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾਏ। ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦੀ ਸਮੁੱਚੀ ਟੀਮ ਵੱਲੋਂ ਮੌਕੇ ’ਤੇ ਹੀ ਰਜਿਸਟਰੇਸ਼ਨ ਦੀ ਕਾਰਵਾਈ ਪੂਰੀ ਕਰਕੇ ਯੋਗ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਜਾਰੀ ਕੀਤੇ ਗਏ, ਜਿਸ ਨਾਲ ਲੋਕਾਂ ਨੂੰ ਤੁਰੰਤ ਲਾਭ ਮਿਲਿਆ। ਇਸ ਮੌਕੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀ ਸਰਕਾਰੀ ਅਤੇ ਚੁਣਿੰਦਾ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਰੂਪ ਵਿਚ ਕਮਜ਼ੋਰ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਕਾਫ਼ੀ ਲਾਭਕਾਰੀ ਸਾਬਤ ਹੋ ਰਹੀ ਹੈ, ਕਿਉਂਕਿ ਵਧ ਰਹੇ ਇਲਾਜ ਦੇ ਖ਼ਰਚਿਆਂ ਕਾਰਨ ਆਮ ਲੋਕਾਂ ਲਈ ਮਿਆਰੀ ਇਲਾਜ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਜੈਤੋ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਤਰ੍ਹਾਂ ਦੇ ਕੈਂਪਾਂ ਵਿਚ ਸ਼ਾਮਿਲ ਹੋਣ ਅਤੇ ਪੰਜਾਬ ਸਰਕਾਰ ਵੱੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈਣ। ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਨੇ ਦੱਸਿਆ ਕਿ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਅਗਵਾਈ ਹੇਠ ਇਸ ਤਰ੍ਹਾਂ ਦੇ ਕੈਂਪ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਕਿਰਨਦੀਪ ਸਿੰਘ ਬਿੱਟੂ, ਪੰਚ ਰਛਪਾਲ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਸਤਨਾਮ ਸਿੰਘ, ਪੰਚ ਕੁਲਦੀਪ ਸਿੰਘ, ਪੰਚ ਜਗਸੀਰ ਸਿੰਘ, ਪੰਚ ਵੀਰਪਾਲ ਕੌਰ, ਪੰਚ ਮਨਦੀਪ ਕੌਰ, ਜਸਵਿੰਦਰ ਸਿੰਘ ਬਰਾੜ, ਸੁਖਦੇਵ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।