ਰੈਮਪ ਸਕੀਮ ਅਧੀਨ ਅੱਜ ਲਾਇਆ ਜਾਵੇਗਾ ਕੈਂਪ
ਰੈਮਪ ਸਕੀਮ ਅਧੀਨ 27 ਮਾਰਚ ਨੂੰ ਕੀਤਾ ਜਾਵੇਗਾ ਕੈਂਪ ਦਾ ਆਯੋਜਨ : ਵਿਧਾਇਕ ਸੇਖੋਂ
Publish Date: Thu, 26 Mar 2026 04:02 PM (IST)
Updated Date: Fri, 27 Mar 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਸਰਕਾਰ ਵੱਲੋਂ ਉਦਮੀ ਹੁਨਰਾਂ ਨੂੰ ਨਿਖਾਰਨ ਅਤੇ ਉਦਯੋਗਿਕ ਵਿਕਾਸ ਵੱਲ ਇੱਕ ਮਹੱਤਵਪੂਰਨ ਉਪਰਾਲਾ ਕਰਦਿਆਂ ਰੈਮਪ ਸਕੀਮ ਅਧੀਨ, ਐਮਐਸਐਮਈਜ਼ ਲਈ ਸਮਰੱਥਾ ਨਿਰਮਾਣ ਤਹਿਤ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਵਿਧਾਇਕ ਸੇਖੋਂ ਨੇ ਦੱਸਿਆ ਕਿ ਇਹ ਕੈਂਪ 27 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੁਪਹਿਰ 2 ਵਜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਇਸ ਕੈਂਪ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਰ ਛੋਟੇ ਵੱਡੇ ਲੋਨ ਅਤੇ ਸਬਸਿਡੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ। ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਹਿੱਸਾ ਲੈ ਕੇ ਕਾਰੋਬਾਰ ਸਬੰਧੀ ਜਾਣਕਾਰੀ ਹਾਸਿਲ ਕਰਨ ਅਤੇ ਆਪਣਾ ਖੁਦ ਦਾ ਕਾਰੋਬਾਰ ਕਰਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਤਾਰ ਸਹਿਤ ਜਾਣੂ ਕਰਵਾਇਆ ਜਾਵੇਗਾ।