ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਤੇ ਰਾਸ਼ਨ ਕਿੱਟਾਂ ਵੰਡੀਆਂ
ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ
Publish Date: Sat, 20 Jun 2026 05:47 PM (IST)
Updated Date: Sun, 21 Jun 2026 04:04 AM (IST)

ਚੇਅਰਮੈਨ ਡਾ. ਲਛਮਣ ਸ਼ਰਮਾ ਨੇ ਸਮਾਗਮ ’ਚ ਕੀਤੀ ਸ਼ਮੂਲੀਅਤ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਆਪਣੀਆਂ ਬੁਨਿਆਦੀ ਲੋੜਾਂ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਪ੍ਰਣਾਲੀ ਨਾਲ ਜਿੱਥੇ ਲਾਭਪਾਤਰੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ, ਉੱਥੇ ਹੀ ਰਾਸ਼ਨ ਵੰਡ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਹਜ਼ਾਰਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਯੋਗਤਾ ਅਨੁਸਾਰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਵਿਕਾਸ ਅਤੇ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇਸ ਮੌਕੇ ਨਵੇਂ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਪਰਿਵਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਅਤੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਨਾਲ ਆਮ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਸਿੱਧਾ ਲਾਭ ਜਨਤਾ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੀਨੀਅਰ ਆਗੂ ਨਾਇਬ ਸਿੰਘ ਭਗਤੂਆਣਾ, ਪੰਚ ਇੰਦਰਜੀਤ ਸਿੰਘ, ਸਾਬਕਾ ਪੰਚ ਮਹਿੰਦਰ ਕੌਰ, ਖੁਸ਼ਵਿੰਦਰ ਸਿੰਘ, ਸੰਧੂਰਾ ਸਿੰਘ, ਪ੍ਰੀਤਮ ਸਿੰਘ, ਗੁਰਜੀਤ ਸਿੰਘ ਖਾਲਸਾ, ਮੇਜਰ ਸਿੰਘ, ਨਵਦੀਪ ਸਿੰਘ, ਡਾ. ਗੁਰਚਰਨ ਭਗਤੂਆਣਾ, ਜਰਨੈਲ ਸਿੰਘ, ਭੋਲਾ ਸਿੰਘ ਬਰਾੜ, ਦਰਸ਼ੀ ਸਿੰਘ, ਰਾਣਾ ਸਿੰਘ, ਜਰਨੈਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਲਾਭਪਾਤਰੀ ਪਰਿਵਾਰ, ‘ਆਪ’ ਵਰਕਰ ਆਦਿ ਹਾਜ਼ਰ ਸਨ।