- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਹਰੀਸ਼ ਚੰਦਰ ਗੋਇਲ ਨੇ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਸਮਰਪਿਤ ਯੋਜਨਾਵਾਂ ਤਹਿਤ ਜੈਤੋ ਵਿਖੇ ਲੋੜਵੰਦ ਅਤੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ, ਮੌਜੂਦਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੇ ਆਪਣੇ ਹੱਥੀਂ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਡਾ. ਹਰੀਸ਼ ਚੰਦਰ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ, ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਦੇਣਾ ਹੈ, ਤਾਂ ਜੋ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਪੂਰਾ ਕਰ ਸਕਣ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਵਰਗੀਆਂ ਭਲਾਈ ਯੋਜਨਾਵਾਂ ਸਮਾਜ ਦੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ ਅਤੇ ਇਨ੍ਹਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਸਿੱਧੇ ਤੌਰ ’ਤੇ ਮਿਲ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਡਾ. ਹਰੀਸ਼ ਚੰਦਰ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾ ਕੇ ਹਰ ਹੱਕਦਾਰ ਵਿਅਕਤੀ ਨੂੰ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਸਥਾਨਕ ਵਰਕਰਾਂ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਅਤੇ ਲੋਕ-ਹਿਤੈਸ਼ੀ ਨੀਤੀਆਂ ਦੇ ਆਧਾਰ ’ਤੇ ਮੁੜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਭਰੋਸਾ ਪ੍ਰਗਟ ਕਰਨਗੇ। ਇਸ ਮੌਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਡਾ. ਹਰੀਸ਼ ਚੰਦਰ ਗੋਇਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਮਹਿੰਗਾਈ ਦੇ ਦੌਰ ਵਿੱਚ ਗਰੀਬ ਅਤੇ ਮਜ਼ਦੂਰ ਵਰਗ ਲਈ ਵੱਡਾ ਸਹਾਰਾ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਹਾਇਤਾ ਨਾਲ ਪਰਿਵਾਰਾਂ ਦੇ ਘਰੇਲੂ ਖ਼ਰਚਿਆਂ ਵਿੱਚ ਕੁਝ ਹੱਦ ਤੱਕ ਰਾਹਤ ਮਿਲਦੀ ਹੈ ਅਤੇ ਆਰਥਿਕ ਬੋਝ ਘਟਦਾ ਹੈ। ਇਸ ਮੌਕੇ ਡੀਪੂ ਹੋਲਡਰ ਮੁਕੇਸ਼ ਕੁਮਾਰ ‘ਕਾਕਾ ਜੈਨ’, ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।