ਬਹਿਬਲ ਕਲਾਂ ਦੇ ਸ਼ਹੀਦ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਚਰਨਜੀਤ ਸਿੰਘ ਚੰਨੀ ਬਹਿਬਲ ਕਲਾਂ ਦੇ ਸ਼ਹੀਦ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਚਰਨਜੀਤ ਸਿੰਘ ਚੰਨੀ
Publish Date: Tue, 17 Nov 2026 03:59 PM (IST)
Updated Date: Wed, 18 Nov 2026 04:00 AM (IST)
‘ਕਾਂਗਰਸ ਸਰਕਾਰ ਬਣਨ ’ਤੇ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਨੂੰ ਅੰਜਾਮ ਤੱਕ ਪਹੁੰਚਾਵਾਂਗੇ : ਚੰਨੀ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਜਲੰਧਰ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਆਪਣੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਸਰਾਵਾਂ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋ ਕੇ ਸ਼ਹੀਦ ਹੋਏ ਭਾਈ ਗੁਰਜੀਤ ਸਿੰਘ ‘ਬਿੱਟੂ’ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ਼ਹੀਦ ਦੇ ਪਿਤਾ ਭਾਈ ਸਾਧੂ ਸਿੰਘ ਮਠਾੜੂ, ਮਾਤਾ ਅਮਰਜੀਤ ਕੌਰ, ਭਰਾ ਜਗਦੀਪ ਸਿੰਘ ‘ਦੀਪੂ’ ਅਤੇ ਭਰਜਾਈ ਬਲਜੀਤ ਕੌਰ ਨਾਲ ਬੈਠ ਕੇ ਉਨ੍ਹਾਂ ਦਾ ਦੁੱਖ-ਦਰਦ ਸੁਣਿਆ ਅਤੇ ਇਨਸਾਫ਼ ਦੀ ਲੰਮੀ ਉਡੀਕ ਕਰ ਰਹੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਚੰਨੀ ਨੇ ਭਰੋਸਾ ਦਿੱਤਾ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਲਈ ਉਹ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਕਾਂਗਰਸ ਸਰਕਾਰ ਬਣਨ ’ਤੇ ਇਨ੍ਹਾਂ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਗੰਭੀਰਤਾ ਨਾਲ ਪੈਰਵੀ ਕੀਤੀ ਜਾਵੇਗੀ। ਪਰਿਵਾਰ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਸਾਈਕਲ ਯਾਤਰਾ ਦੌਰਾਨ ਜਦੋਂ ਉਹ ਪਿੰਡ ਸਰਾਵਾਂ ਵਿੱਚੋਂ ਲੰਘ ਰਹੇ ਸਨ ਤਾਂ ਰਸਤੇ ਵਿੱਚ ਹੀ ਸ਼ਹੀਦ ਭਾਈ ਗੁਰਜੀਤ ਸਿੰਘ ‘ਬਿੱਟੂ’ ਦਾ ਘਰ ਪੈਂਦਾ ਸੀ। ਇਸ ਲਈ ਉਹ ਵਿਸ਼ੇਸ਼ ਤੌਰ ’ਤੇ ਪਰਿਵਾਰ ਨੂੰ ਮਿਲਣ ਪਹੁੰਚੇ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਜਦੋਂ ਉਨ੍ਹਾਂ ਨੇ ਇਨਸਾਫ਼ ਲਈ ਕੀਤੀ ਜਾ ਰਹੀ ਲੰਮੀ ਉਡੀਕ ਅਤੇ ਸਰਕਾਰਾਂ ਵੱਲੋਂ ਮਿਲੇ ਭਰੋਸਿਆਂ ਬਾਰੇ ਸੁਣਿਆ ਤਾਂ ਉਨ੍ਹਾਂ ਨੂੰ ਬੇਹੱਦ ਦੁੱਖ ਹੋਇਆ। ਚੰਨੀ ਨੇ ਕਿਹਾ ਕਿ 14 ਅਕਤੂਬਰ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸਿੱਖ ਸੰਗਤਾਂ ਵੱਲੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਦੀ ਗੋਲੀਬਾਰੀ ਵਿੱਚ ਪਿੰਡ ਸਰਾਵਾਂ ਦੇ ਨੌਜਵਾਨ ਭਾਈ ਗੁਰਜੀਤ ਸਿੰਘ ‘ਬਿੱਟੂ’ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੇ ਇਤਿਹਾਸ ਦਾ ਬੇਹੱਦ ਦਰਦਨਾਕ ਅਧਿਆਇ ਹੈ, ਜਿਸ ਨੇ ਸਮੁੱਚੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਅਜਿਹੇ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਹਰ ਸਰਕਾਰ ਦੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਦੇ ਨਾਮ ’ਤੇ ਵੋਟਾਂ ਮੰਗੀਆਂ ਗਈਆਂ, ਅੱਜ ਉਨ੍ਹਾਂ ਦੇ ਪਰਿਵਾਰ ਹੀ ਅਣਦੇਖੀ ਦਾ ਸ਼ਿਕਾਰ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਪਰਿਵਾਰ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਸਮਾਂ ਨਾ ਕੱਢਣਾ ਵੀ ਅਫ਼ਸੋਸਨਾਕ ਹੈ। ਆਪਣੇ ਮੁੱਖ ਮੰਤਰੀ ਕਾਰਜਕਾਲ ਦਾ ਜ਼ਿਕਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਇਆ ਗਿਆ ਸੀ। ਇਸ ਮਾਮਲੇ ਵਿੱਚ ਚਲਾਨ ਪੇਸ਼ ਕਰਵਾਏ ਗਏ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਗੰਭੀਰ ਯਤਨ ਕੀਤੇ ਗਏ ਸਨ ਪਰ ਮੌਜੂਦਾ ਸਰਕਾਰ ਨੇ ਇਨ੍ਹਾਂ ਕੇਸਾਂ ਦੀ ਪੈਰਵੀ ਵਿੱਚ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ। ਚੰਨੀ ਅਨੁਸਾਰ ਕੇਸਾਂ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਹੋਣ ਕਾਰਨ ਗਵਾਹਾਂ ਅਤੇ ਪੀੜਤ ਪਰਿਵਾਰਾਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ। ਸ਼ਹੀਦ ਦੇ ਪਰਿਵਾਰ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਇੱਕ ਸਧਾਰਨ ਪਰਿਵਾਰ ਹੈ, ਜਿਸ ਦੀ ਕੋਈ ਵੱਡੀ ਆਰਥਿਕ ਮੰਗ ਜਾਂ ਨਿੱਜੀ ਸਹੂਲਤਾਂ ਦੀ ਇੱਛਾ ਨਹੀਂ ਹੈ। ਪਰਿਵਾਰ ਦੀ ਇੱਕੋ-ਇੱਕ ਮੰਗ ਆਪਣੇ ਪੁੱਤਰ ਦੀ ਸ਼ਹਾਦਤ ਦਾ ਇਨਸਾਫ਼ ਪ੍ਰਾਪਤ ਕਰਨਾ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਦੀ ਪੈਰਵੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਅਤੇ ਇਨ੍ਹਾਂ ਨੂੰ ਕਾਨੂੰਨੀ ਤੌਰ ’ਤੇ ਅੰਜਾਮ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ, ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਇਨਸਾਫ਼ ਦੀ ਉਡੀਕ ਕਰ ਰਹੇ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ।