ਰਾਮੇਆਣਾ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਇਤਿਹਾਸ ’ਚ ਸੁਨਹਿਰੀ ਅਧਿਆਇ : ਧਰਮਜੀਤ ਰਾਮੇਆਣਾ
Publish Date: Sat, 31 Jan 2026 04:00 PM (IST)
Updated Date: Sun, 01 Feb 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਨੇ ਇੱਥੇ ਗੱਲਬਾਤ ਕਰਦਿਆਂ ਨੇ ਕਿਹਾ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁਹਾਲੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਕੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਇ ਜੋੜਿਆ ਗਿਆ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ ਛੋਟੀ ਤੋਂ ਛੋਟੀ ਅਤੇ ਵੱਡੀ ਤੋਂ ਵੱਡੀ ਬਿਮਾਰੀ ਦੇ ਇਲਾਜ ਅਤੇ ਓਪਰੇਸ਼ਨ ਦੀ ਚਿੰਤਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਅਤੇ ਨਿੱਜੀ ਦੋਵਾਂ ਕਿਸਮਾਂ ਦੇ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਨੂੰ ਵੱਡੇ ਸ਼ਹਿਰਾਂ ਵੱਲ ਭਟਕਣਾ ਨਹੀਂ ਪਵੇਗਾ। ਧਰਮਜੀਤ ਸਿੰਘ ਰਾਮੇਆਣਾ ਨੇ ਦੱਸਿਆ ਕਿ ਇਸ ਆਸ ਭਰਪੂਰ ਯੋਜਨਾ ’ਚ ਸਰਕਾਰੀ ਕਰਮਚਾਰੀ ਤੇ ਪੈਨਸ਼ਨਰ ਵੀ ਸ਼ਾਮਿਲ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਸੂਬੇ ਭਰ ਵਿੱਚ ਲੋਕ ਵੱਡੀ ਗਿਣਤੀ ਵਿੱਚ ਆਪਣੇ ਸਿਹਤ ਕਾਰਡ ਬਣਵਾ ਰਹੇ ਹਨ ਅਤੇ ਇਸ ਲੋਕ-ਹਿਤੈਸ਼ੀ ਪਹਿਲ ਲਈ ਮਾਨ ਸਰਕਾਰ ਦਾ ਤਹਿਦਿਲੋਂ ਧੰਨਵਾਦ ਕਰ ਰਹੇ ਹਨ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਵਿੱਚ ਯੂਥ ਵਿੰਗ ਦੇ ਵਲੰਟੀਅਰ ਹਰ ਰੋਜ਼ ਹਰ ਪਿੰਡ ਅਤੇ ਵਾਰਡ ਵਿੱਚ ਘੱਟੋ-ਘੱਟ 10 ਪਰਿਵਾਰਾਂ ਤੱਕ ਪਹੁੰਚ ਕਰ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਲਈ ਪਰਚੀਆਂ ਵੰਡਣਗੇ।