- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਨੇ ਕੌਮੀ ਖੁਰਾਕ ਹਫ਼ਤਾ ਸਬੰਧੀ ਜਾਗਰੂਕਤਾ ਬੈਨਰ ਕੀਤਾ ਜਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਦੀ ਯੋਗ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਵਿੱਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਅੱਜ ਸਿਵਲ ਸਰਜਨ ਵੱਲੋਂ ਜਾਗਰੂਕਤਾ ਬੈਨਰ ਅਤੇ ਪਰਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਸਟੈਨੋ ਸੰਤੋਸ਼ ਸ਼ਰਮਾ ਵੀ ਹਾਜਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੇ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰੇਕ ਆਦਮੀ ਨੂੰ ਰੋਜਾਨਾ ਲੋੜੀਦੀਂ ਮਾਤਰਾ ਵਿੱਚ ਕਾਰਬੋਹਾਈਡ੍ਰੇਟਸ, ਪ੍ਰੋਟੀਨ, ਪਾਣੀ, ਫੈਟ, ਵਿਟਾਮਿਨ, ਖਣਿਜ ਪਦਾਰਥਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ ਜਿਵੇਂ ਕਿ ਹਰੀਆਂ ਸਬਜ਼ੀਆਂ, ਸਲਾਦ, ਦੁੱਧ, ਮੌਸਮੀ ਫਲ, ਉਬਲੀਆਂ ਅਤੇ ਪੁੰਗਰੀਆਂ ਦਾਲਾਂ ਆਦਿ ਲੈਣੀਆਂ ਚਾਹੀਦੀਆਂ ਹਨ। ਉਹਨਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਆਪਣੇ ਪੇਟ ਵਿੱਚ ਪਲ ਰਹੇ ਬੱਚੇ ਦੀ ਖੁਰਾਕ ਦਾ ਧਿਆਨ ਰੱਖ ਕੇ ਸਾਫ਼ ਸੁਥਰਾ ਅਤੇ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਕਿਸੇ ਮਾਹਿਰ ਡਾਕਟਰ ਤੋਂ ਘੱਟੋ ਘੱਟ 4 ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਿਹਤਮੰਦ ਬੱਚਾ ਪੈਦਾ ਹੋਵੇ ਅਤੇ ਜੱਚਾ ਦੀ ਸਿਹਤ ਵੀ ਠੀਕ ਰਹੇ। ਨਵ ਜਨਮੇ ਬੱਚੇ ਲਈ ਮਾਂ ਦਾ ਦੁੱਧ ਇੱਕ ਸੰਪੂਰਨ ਪੌਸ਼ਟਿਕ ਆਹਾਰ ਹੈ ਇਸ ਲਈ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਛੇ ਮਹੀਨੇ ਤੋਂ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਬਾਹਰਲੀ ਖੁਰਾਕ ਵੀ ਦੇਣੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਮਾਂ ਦਾ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤਲੇ ਹੋਏ, ਫਾਸਟ ਫੂਡ, ਜ਼ਿਆਦਾ ਨਮਕ, ਜ਼ਿਆਦਾ ਚੀਨੀ, ਸ਼ਰਾਬ ਅਤੇ ਸਿਗਰਟ ਤੋਂ ਪ੍ਰਹੇਜ਼ ਕੀਤਾ ਜਾਵੇ। ਅਸੰਤੁਲਿਤ ਭੋਜਨ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਮੋਟਾਪਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਅਤੇ ਸਰੀਰਕ ਕਸਰਤ ਵਿੱਚ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ।