- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਫਸਰ ਤੈਨਾਤ : ਡਿਪਟੀ ਕਮਿਸ਼ਨਰ

ਜਗਮੀਤ ਸਿੰਘ ਨੀਟਾ, ਪੰਜਾਬੀ ਜਾਗਰਣ, ਫ਼ਰੀਦਕੋਟ : ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਫ਼ਰੀਦਕੋਟ ਵਿੱਚ ਬਣਾਏ ਗਏ 22 ਕਲੱਸਟਰਾਂ ਦੇ ਕਲੱਸਟਰ ਅਫਸਰਾਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਇੱਕ ਜਰੂਰੀ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ 22 ਕਲੱਸਟਰਾਂ ਅਤੇ ਜਿਲ੍ਹੇ ਦੇ ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਤੈਨਾਤ ਕੀਤੇ ਜਾ ਚੁੱਕੇ ਹਨ, ਜੋ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਜਿਨ੍ਹਾਂ ਕਿਸਾਨਾਂ ਵੱਲੋਂ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਈ ਜਾਵੇਗੀ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹਾ ਫ਼ਰੀਦਕੋਟ ਵਿੱਚ ਜੀਰੋ ਸਟੱਬਲ ਬਰਨਿੰਗ ਦੀ ਟੀਚਾ ਹੈ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਕਲੱਸਟਰ ਦੇ ਕਿਸੇ ਇੱਕ ਪਿੰਡ ਵਿੱਚ ਆਪਣਾ ਦਫਤਰ ਸਥਾਪਿਤ ਕੀਤਾ ਜਾਵੇ ਅਤੇ ਕਲੱਸਟਰ ਅਧੀਨ ਆਉਂਦੇ ਸਮੂਹ ਪਿੰਡਾਂ ਦੀਆਂ ਸੁਸਾਇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸ ਉਪਰੰਤ ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਅੰਦਰ ਇਸ ਵਾਰ ਲਗਭਗ 1.16 ਲੱਖ ਹੈਕਟੇਅਰ ਰਕਬੇ ਅੰਦਰ ਝੋਨੇ/ਬਾਸਮਤੀ ਦੀ ਬਿਜਾਈ ਕੀਤੀ ਗਈ ਹੈ, ਜਿਸ ਦਾ ਅੰਦਾਜ਼ਨ 7.45 ਲੱਖ ਟਨ ਪਰਾਲੀ ਦੀ ਪੈਦਾਵਾਰ ਹੁੰਦੀ ਹੈ। ਪਿਛਲੇ ਸਾਲ ਜ਼ਿਲ੍ਹਾ ਫ਼ਰੀਦਕੋਟ ਵਿੱਚ ਅੱਗ ਦੀਆਂ ਘਟਨਾਵਾਂ 76 ਪ੍ਰਤੀਸ਼ਤ ਘੱਟ ਦਰਜ ਕੀਤੀਆਂ ਗਈਆਂ ਸਨ ਅਤੇ ਜ਼ਿਲ੍ਹਾ ਫ਼ਰੀਦਕੋਟ ਅੰਦਰ ਕੇਵਲ 4 ਪਿੰਡ ਹੀ ਹਾਟ—ਸਪਾਟ ਪਿੰਡਾਂ ਦੀ ਸੂਚੀ ਵਿੱਚ ਆਏ। ਇਸ ਉਪਰੰਤ ਸਹਾਇਕ ਮੰਡੀਕਰਨ ਅਫਸਰ-ਕਮ-ਨੋਡਲ ਅਫਸਰ ਸਟੱਬਲ ਬਰਨਿੰਗ ਡਾ. ਗੁਰਪ੍ਰੀਤ ਸਿੰਘ ਵੱਲੋਂ ਮੀਟਿੰਗ ਵਿੱਚ ਹਾਜ਼ਰ, ਕਲੱਸਟਰ ਅਫਸਰਾਂ, ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਟੱਬਲ ਬਰਨਿੰਗ ਦੌਰਾਨ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜ), ਪੁਨੀਤ ਸ਼ਰਮਾ ਐਸ.ਡੀ.ਐਮ ਫਰੀਦਕੋਟ, ਵਿਕਰਮਜੀਤ ਸਿੰਘ ਐਸ.ਡੀ.ਐਮ ਜੈਤੋ, ਸ੍ਰੀ ਰਮਨਦੀਪ ਸਿੱਧੂ ਵਾਤਾਵਰਣ ਇੰਜੀਨੀਅਰ ਅਕੇ ਸ਼ੁਭਕਰਮਨ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਹਾਜ਼ਰ ਸਨ।