- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ : ਜਿਲ੍ਹਾ ਮੈਜਿਸਟਰੇਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਜਿਲ੍ਹਾ ਮੈਜਿਸਟਰੇਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ। ਇਸ ਸਮੇਂ ਤੋਂ ਬਾਅਦ ( ਸ਼ਾਮ 06.00 ਵਜੇ ਤੋਂ ਬਾਅਦ ਸਵੇਰ 10.00 ਵਜੇ ਤੱਕ ) ਝੋਨੇ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੇ ਸੀਜਨ 2026 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ - ਲੋੜੀਦੀ ਦੇਰੀ ਹੁੰਦੀ ਹੈ , ਜਿਸ ਨਾਲ ਉਨ੍ਹਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ - ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 4 ਨਵੰਬਰ 2026 ਤੱਕ ਲਾਗੂ ਰਹਿਣਗੇ।