ਪੱਤਰ ਪੇ੍ਰਰਕ ਫਰੀਦਕੋਟ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ, ਲਿਫਟਿੰਗ, ਅਦਾਇਗੀਆਂ ਆਦਿ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਨੋਡਲ ਅਫ਼ਸਰ ਰਵਿੰਦਰ ਕੁਮਾਰ ਕੌਸ਼ਿਕ ਕਮਿਸਨਰ ਫਰੀਦਕੋਟ ਡਿਵੀਜ਼ਨ ਕਮ ਐਮ.ਡੀ ਪਨਸਪ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ.ਪੀ.ਐੱਚ ਕੁਲਦੀਪ ਸਿੰਘ ਸੋਹੀ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਵੱਲੋਂ ਖ਼ਰੀਦ ਕੇਂਦਰ ਫਰੀਦਕੋਟ, ਚੰਦਬਾਜਾ, ਕੋਟਕਪੂਰਾ ਆਦਿ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੰਡੀਆਂ 'ਚ ਕਿਸਾਨਾਂ, ਆੜ੍ਹਤੀਆਂ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਲੇਬਰ ਆਦਿ ਤੋਂ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਤੇ ਵੱਖ-ਵੱਖ ਢੇਰੀਆਂ ਤੇ ਜਾ ਕੇ ਝੋਨੇ ਦੀ ਨਮੀ ਚੈੱਕ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਤੇ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨਾ ਖਰੀਦ ਤੇ ਅਦਾਇਗੀ ਆਦਿ 'ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਵਧੇ। ਇਸੇ ਤਰ੍ਹਾਂ ਉਨ੍ਹਾਂ ਖਰੀਦੀ ਗਈ ਫਸਲ ਦੀ ਸਮੇਂ ਸਿਰ ਅਦਾਇਗੀ ਦੇ ਵੀ ਆਦੇਸ਼ ਦਿੱਤੇ। ਕੌਸ਼ਿਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ 'ਚ ਲਿਆਉਣ। ਜਿਸ ਦੀ ਨਮੀ 17 ਫ਼ੀਸਦੀ ਤੋਂ ਵੱਧ ਨਾ ਹੋਵੇ। ਉਨ੍ਹਾਂ ਕਿਹਾ ਕਿ ਗਿੱਲੀ ਫਸਲ ਮੰਡੀ ਵਿਚ ਆਉਣ ਨਾਲ ਆੜ੍ਹਤੀਆਂ, ਖ਼ਰੀਦ ਏਜੰਸੀਆਂ ਲੇਬਰ ਆਦਿ ਨੂੰ ਭਾਰੀ ਮੁਸ਼ਕਿਲ ਪੇਸ਼ ਆਉਂਦੀ ਹੈ ਤੇ ਮੰਡੀਆਂ ਵਿਚ ਫਸਲ ਰੱਖਣ ਨੂੰ ਥਾਂ ਦੀ ਘਾਟ ਪੈਦਾ ਹੁੰਦੀ ਹੈ। ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਖਰੀਦ ਕੇਂਦਰਾਂ 'ਚ ਹੁਣ ਤਕ 87902 ਮੀਟਿ੍ਕ ਟਨ ਕਣਕ ਦੀ ਆਮਦ ਹੋਈ, 86430 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ, ਅਤੇ 45083 ਮੀਟਿ੍ਕ ਟਨ ਕਣਕ ਦੀ ਲਿਫਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਸਲੋਧ ਬਿਸ਼ਨੋਈ, ਡੀਐੱਫਐੱਸਸੀ ਮੈਡਮ ਜਸਜੀਤ ਕੌਰ, ਏ.ਐਫ.ਐਸ.ਓ ਗੁਰਚਰਨ ਪਾਲ, ਸੈਕਟਰੀ ਫ਼ਰੀਦਕੋਟ ਗੁਰਦੀਪ ਸਿੰਘ ਬਰਾੜ,ਅਸ਼ੋਕ ਜੈਨ ਉਪ ਚੇਅਰਮੈਨ ਮਾਰਕੀਟ ਕਮੇਟੀ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।