ਕੰਪਿਊਟਰ ਅਧਿਆਪਕਾਂ ਨੇ ਰੋਸ ਮੁਜ਼ਾਹਰੇ ਦੀ ਕੀਤੀ ਤਿਆਰੀ 20 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ : ਕੰਪਿਊਟਰ ਅਧਿਆਪਕ
Publish Date: Fri, 18 Sep 2026 04:36 PM (IST)
Updated Date: Fri, 18 Sep 2026 04:38 PM (IST)
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਇਕਾਈ ਫਰੀਦਕੋਟ ਦੇ ਜਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜ਼ਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜ਼ਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਫਰੀਦਕੋਟ ਦੇ ਸਟੇਟ ਕਮੇਟੀ ਆਗੂ ਜਗਸੀਰ ਸਿੰਘ ਬਰਾੜ, ਹਰਮਿੰਦਰ ਸਿੰਘ ਸੰਧੂ, ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ, ਬਲਾਕ ਪ੍ਰਧਾਨ ਨਰਪਿੰਦਰਜੀਤ, ਦੀਪਤੀ ਗਰਗ, ਨਵਦੀਪ ਕੌਰ, ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਫਰੀਦਕੋਟ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 116 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਸਮੇ ਗੁਰਦੀਪ ਸਿੰਘ, ਸੰਦੀਪ ਭੰਡਾਰੀ, ਜਸਪਾਲ ਸਿੰਘ, ਮਲਕੀਤ ਸਿੰਘ, ਸੁਖਜਿੰਦਰ ਕੌਰ, ਬਲਪ੍ਰੀਤ ਕੌਰ ਅਤੇ ਜਿਲ੍ਹਾ ਫਰੀਦਕੋਟ ਦੇ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜਰ ਸਨ।