- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
68,288 ਨੌਕਰੀਆਂ ਨਾਲ ਨੌਜਵਾਨਾਂ ਦਾ ਵਧਿਆ ਭਰੋਸਾ : ‘ਆਪ’ ਆਗੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੁਜ਼ਗਾਰ, ਸਿੱਖਿਆ, ਸਿਹਤ ਅਤੇ ਪਿੰਡਾਂ ਦੇ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਧਾਨ ਸਭਾ ਹਲਕਾ ਜੈਤੋ ਦੇ ‘ਆਪ’ ਆਗੂਆਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਰਦਰਸ਼ੀ, ਇਮਾਨਦਾਰ ਅਤੇ ਲੋਕ-ਕੇਂਦਰਿਤ ਸ਼ਾਸਨ ਦੀ ਮਿਸਾਲ ਕਾਇਮ ਕੀਤੀ ਹੈ। ‘ਆਪ’ ਦੇ ਸੀਨੀਅਰ ਆਗੂ ਤੇ ਪੰਚਾਇਤ ਮੈਂਬਰ ਹਰਮੇਲ ਸਿੰਘ ਬਾਠ ਕਰੀਰਵਾਲੀ, ‘ਆਪ’ ਬਲਾਕ ਪ੍ਰਧਾਨ ਜੈਤੋ ਅੰਕੁਸ਼ ਬਾਂਸਲ, ‘ਆਪ’ ਸ਼ੋਸ਼ਲ ਮੀਡੀਆ ਦੇ ਬਲਾਕ ਪ੍ਰਧਾਨ ਲੱਬੀ ਸਿੰਘ ਧਾਲੀਵਾਲ ਵਾੜਾ ਭਾਈਕਾ ਅਤੇ ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਮੈਰਿਟ ਅਤੇ ਯੋਗਤਾ ਆਧਾਰਿਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਨੌਕਰੀਆਂ ਵਿੱਚ ਸਿਫ਼ਾਰਸ਼ ਅਤੇ ਪੱਖਪਾਤ ਦੇ ਦੋਸ਼ ਆਮ ਸਨ, ਪਰ ਮਾਨ ਸਰਕਾਰ ਨੇ ਇਸ ਪ੍ਰਣਾਲੀ ਨੂੰ ਬਦਲ ਕੇ ਨੌਜਵਾਨਾਂ ਵਿੱਚ ਨਵਾਂ ਭਰੋਸਾ ਪੈਦਾ ਕੀਤਾ ਹੈ। ‘ਆਪ’ ਆਗੂਆਂ ਨੇ ਦੱਸਿਆ ਕਿ ਹੁਣ ਤੱਕ 68,288 ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਨਾਲ ਨਾ ਸਿਰਫ਼ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ, ਸਗੋਂ ਸਰਕਾਰ ਪ੍ਰਤੀ ਵਿਸ਼ਵਾਸ ਵੀ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵਧ ਰਹੇ ਮੌਕਿਆਂ ਕਾਰਨ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਝਾਨ ਘਟਿਆ ਹੈ ਅਤੇ ਉਹ ਆਪਣੇ ਸੂਬੇ ਵਿੱਚ ਹੀ ਭਵਿੱਖ ਬਣਾਉਣ ਲਈ ਉਤਸ਼ਾਹਿਤ ਹੋ ਰਹੇ ਹਨ। ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਕਾਰਨ ਪੰਜਾਬ ਦੇ ਸਿੱਖਿਆ ਮਾਡਲ ਦੀ ਦੇਸ਼ ਭਰ ਵਿੱਚ ਚਰਚਾ ਹੋ ਰਹੀ ਹੈ। ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਵੀ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾ ਮੁਲਾਜ਼ਮਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੋਬੇਸ਼ਨ ਪੀਰੀਅਡ ਪੂਰਾ ਹੋਣ ਉਪਰੰਤ ਘਰ ਤੋਂ 40 ਕਿਲੋਮੀਟਰ ਦੇ ਘੇਰੇ ਅੰਦਰ ਪੋਸਟਿੰਗ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਕਰਮਚਾਰੀਆਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਰਾਹਤ ਮਿਲੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 15 ਅਗਸਤ ਤੋਂ ਸਮੂਹ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ 2026 ਤੋਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਅਤੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ। ‘ਆਪ’ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਭਗਵੰਤ ਮਾਨ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਦ੍ਰਿੜਤਾ ਨਾਲ ਅੱਗੇ ਵੱਧ ਰਹੀ ਹੈ।