ਕਾਂਗਰਸੀ ਆਗੂ ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜੈਤੋ ਵਿਖੇ ਕਾਂਗਰਸ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ
Publish Date: Sun, 07 Jun 2026 04:00 PM (IST)
Updated Date: Mon, 08 Jun 2026 04:02 AM (IST)

ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ, ‘ਝਾੜੂ’ ਦਾ ਤੀਲਾ-ਤੀਲਾ ਕਰ ਕੇ ਜਤਾਇਆ ਰੋਸ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਟਾਂਡਾ (ਹੁਸ਼ਿਆਰਪੁਰ) ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਦੀ ਕਥਿਤ ਬੇਅਦਬੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਜੈਤੋ ਵਿਖੇ ਕਾਂਗਰਸ ਪਾਰਟੀ ਵੱਲੋਂ ਇੱਕ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੀ ਅਗਵਾਈ ਹੇਠ ਸਥਾਨਕ ਗੋਲ ਚੌਂਕ (ਚੌਂਕ ਨੰਬਰ-1) ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਕਥਿਤ ਰਾਜਨੀਤਿਕ ਧੱਕੇਸ਼ਾਹੀ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਤੀਕਾਤਮਕ ਤੌਰ ’ਤੇ ‘ਝਾੜੂ’ ਦਾ ਤੀਲਾ-ਤੀਲਾ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਅਤੇ ਪੁਲਿਸ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇੱਕ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਇੱਕ ਨੌਜਵਾਨ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਪਰ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਾਲਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਦੋਹਰੇ ਮਾਪਦੰਡ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਸਮੁੱਚੇ ਪੰਜਾਬ ਨੂੰ ਝੰਝੋੜ ਕੇ ਰੱਖ ਦਿੱਤਾ ਸੀ ਅਤੇ ਲੋਕਾਂ ਨੂੰ ਉਮੀਦ ਸੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਪਰ ਅੱਜ ਤੱਕ ਇਨਸਾਫ਼ ਦੀ ਉਡੀਕ ਜਾਰੀ ਹੈ, ਜਦਕਿ ਰਾਜਨੀਤਿਕ ਮਾਮਲਿਆਂ ਵਿੱਚ ਸਰਕਾਰ ਅਤੇ ਪੁਲਿਸ ਦੀ ਤੁਰੰਤ ਕਾਰਵਾਈ ਸਪੱਸ਼ਟ ਤੌਰ ’ਤੇ ਨਜ਼ਰ ਆਉਂਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਡਰਾਉਣ, ਦਬਾਉਣ ਅਤੇ ਪ੍ਰੇਸ਼ਾਨ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅਜਿਹੀਆਂ ਕਾਰਵਾਈਆਂ ਨਾਲ ਨਾ ਤਾਂ ਕਾਂਗਰਸੀ ਵਰਕਰ ਡਰਨਗੇ ਅਤੇ ਨਾ ਹੀ ਜਨਤਾ ਦੇ ਮੁੱਦਿਆਂ ਨੂੰ ਉਠਾਉਣ ਤੋਂ ਪਿੱਛੇ ਹਟਣਗੇ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਦੇਖ ਅਤੇ ਸਮਝ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕ ਹੀ ਸਰਵੋਚ ਹੁੰਦੇ ਹਨ ਅਤੇ ਸਮਾਂ ਆਉਣ ’ਤੇ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਸਹੀ ਫ਼ੈਸਲਾ ਕਰਨਗੇ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਅਰਸ਼ਦੀਪ ਸਿੰਘ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ ਕਰੀਰਵਾਲੀ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਕਹਿਣ, ਸਰਕਾਰ ਦੀ ਆਲੋਚਨਾ ਕਰਨ ਅਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ, ਜ਼ਿਲ੍ਹਾ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਵਾਈਸ ਚੇਅਰਮੈਨ ਜਗਦੀਸ਼ ਰਾਏ ਗਰਗ ਘਣੀਆਂ, ਨਗਰ ਕੌਂਸਲਰ ਦਿਲਬਾਗ ਸ਼ਰਮਾ ‘ਬਾਗੀ’, ਸਾਬਕਾ ਕੌਂਸਲਰ ਵਿਕਾਸ ਸਿੰਗਲਾ ‘ਘੰਟੀ ਡੋਡ’, ਸਾਬਕਾ ਸਰਪੰਚ ਭਗਵੰਤ ਸਿੰਘ ਬਰਾੜ ਚੈਨਾ, ਸੀਨੀਅਰ ਕਾਂਗਰਸੀ ਆਗੂ ਸੁਖਜੀਤ ਸਿੰਘ ਕੈਰੋਂ, ਹਰਪਿੰਦਰ ਸਿੰਘ ‘ਹਨੀ ਭੱਟੀ’, ਡਾ. ਹਰਭਜਨ ਸਿੰਘ ਸੇਵੇਵਾਲਾ, ਸੁਨੀਲ ਗਰਗ ਜੈਤੋ, ਅਵਤਾਰ ਸਿੰਘ ਬਰਾੜ ਚੈਨਾ, ਲੱਕੀ ਡੋਡ ਜੈਤੋ, ਸੰਜੀਵ ਸਿੰਗਲਾ ‘ਬਬਲਾ ਦੁਲਾਰੀਆ’, ਜਗਸੀਰ ਸਿੰਘ ਸ਼ਰਮਾ ਰੱਤੀ, ਨਰਿੰਦਰ ਕੁਮਾਰ ‘ਨਿੰਦੀ ਸ਼ਰਮਾ’, ਲਾਭ ਸਿੰਘ ਸੈਕਟਰੀ ਅਜਿੱਤਗਿੱਲ, ਕਾਲਾ ਸਿੰਘ ਬਿਸ਼ਨੰਦੀ ਅਤੇ ਗਰੀਬ ਦਾਸ ਜੈਤੋ ਨੇ ਅਰਸ਼ਦੀਪ ਸਿੰਘ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਸੋਚ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।