- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਰੋੜੀਕਪੂਰਾ ਵਿੱਚ ਕਾਂਗਰਸ ਦੀ ਮੀਟਿੰਗ, ਪ੍ਰਕਾਸ਼ ਸਿੰਘ ਭੱਟੀ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਕਾਂਗਰਸ ਪਾਰਟੀ ਦੀ ਮਜ਼ਬੂਤੀ ਦਾ ਆਧਾਰ ਉਸ ਦੇ ਸਮਰਪਿਤ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹਨ। ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਆਮ ਵਰਕਰਾਂ ਵਿੱਚ ਹੁੰਦੀ ਹੈ, ਜੋ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹਨ। ਵਰਕਰਾਂ ਦੀ ਮਿਹਨਤ, ਲਗਨ, ਇਮਾਨਦਾਰੀ, ਅਨੁਸ਼ਾਸਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ ਪਾਰਟੀ ਨੂੰ ਮਜ਼ਬੂਤ ਬੁਨਿਆਦ ਪ੍ਰਦਾਨ ਕਰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਪਿੰਡ ਰੋੜੀਕਪੂਰਾ ਦੇ ਗੁਰਦੁਆਰਾ ਸਾਹਿਬ ਵਿਖੇ ਬੀ.ਐਲ.ਏ.-2 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਅਤੇ ਆਨਲਾਈਨ ਪ੍ਰਕਿਰਿਆ ਸਬੰਧੀ ਕਰਵਾਈ ਗਈ ਵਿਸ਼ੇਸ਼ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਕਾਮਯਾਬੀ ਸਿਰਫ਼ ਵੱਡੇ ਆਗੂਆਂ ਜਾਂ ਅਹੁਦੇਦਾਰਾਂ ਦੇ ਸਹਾਰੇ ਨਹੀਂ ਮਿਲਦੀ, ਸਗੋਂ ਉਹ ਵਰਕਰਾਂ ਦੀ ਨਿਰੰਤਰ ਮਿਹਨਤ, ਸਮਰਪਣ ਅਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੁੰਦੀ ਹੈ। ਜੇਕਰ ਹਰ ਵਰਕਰ ਪਾਰਟੀ ਦੇ ਸੰਦੇਸ਼ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਵੇ ਤਾਂ ਕੋਈ ਵੀ ਤਾਕਤ ਪਾਰਟੀ ਨੂੰ ਅੱਗੇ ਵਧਣ ਤੋਂ ਨਹੀਂ ਰੋਕ ਸਕਦੀ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਦੀ ਸੇਵਾ, ਲੋਕਤੰਤਰ ਦੀ ਮਜ਼ਬੂਤੀ ਅਤੇ ਲੋਕ-ਭਲਾਈ ਦੀਆਂ ਨੀਤੀਆਂ ਨਾਲ ਜੁੜਿਆ ਰਿਹਾ ਹੈ। ਦੇਸ਼ ਅਤੇ ਪੰਜਾਬ ਦੇ ਵਿਕਾਸ ਵਿੱਚ ਕਾਂਗਰਸ ਸਰਕਾਰਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਪੁਲਾਂ, ਸਰਕਾਰੀ ਸਕੂਲਾਂ, ਕਾਲਜਾਂ, ਸਿਹਤ ਸੰਸਥਾਵਾਂ, ਕਿਸਾਨੀ ਵਿਕਾਸ, ਪੇਂਡੂ ਵਿਕਾਸ ਅਤੇ ਸਮਾਜਿਕ ਭਲਾਈ ਦੀਆਂ ਯੋਜਨਾਵਾਂ ਰਾਹੀਂ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਅਹਿਮ ਕਦਮ ਚੁੱਕੇ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣ, ਛੋਟੇ ਵਪਾਰੀਆਂ ਅਤੇ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ, ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਲੋੜ ਪਹਿਲਾਂ ਨਾਲੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੀ ਆਵਾਜ਼ ਬਣੀ ਹੈ ਅਤੇ ਅੱਗੇ ਵੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰਦੀ ਰਹੇਗੀ। ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਬੀ.ਐਲ.ਏ.-2 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਨੂੰ ਪੂਰੀ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਸਹੀ ਅਤੇ ਸ਼ੁੱਧ ਵੋਟਰ ਸੂਚੀਆਂ ਬਹੁਤ ਜ਼ਰੂਰੀ ਹਨ, ਜਿਸ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਏ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਨਿਰੰਤਰ ਸੰਪਰਕ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਪਾਰਟੀ ਦੀ ਕੀਮਤੀ ਪੂੰਜੀ ਹੈ ਅਤੇ ਉਸ ਦੀ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਵਰਕਰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਮੈਦਾਨ ਵਿੱਚ ਕੰਮ ਕਰ ਰਹੇ ਹਨ, ਉਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਭਰਪੂਰ ਸਹਿਯੋਗ, ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਪਾਰਟੀ ਦੀ ਇਕਜੁੱਟਤਾ ਦੇ ਸਦਕਾ ਸਾਲ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਇਸੇ ਭਰੋਸੇ ਦੇ ਆਧਾਰ ’ਤੇ ਪੰਜਾਬ ਨੂੰ ਮੁੜ ਵਿਕਾਸ, ਤਰੱਕੀ, ਅਮਨ, ਖੁਸ਼ਹਾਲੀ ਅਤੇ ਨਵੇਂ ਮੌਕਿਆਂ ਵਾਲੇ ਸੂਬੇ ਵਜੋਂ ਅੱਗੇ ਲਿਜਾਇਆ ਜਾਵੇਗਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਸਾਬਕਾ ਸਰਪੰਚ ਜਸਵੰਤ ਸਿੰਘ ਢਿੱਲੋਂ ਰੋੜੀਕਪੂਰਾ, ਬਲਦੇਵ ਸਿੰਘ ਬਰਾੜ, ਰਾਜਵਿੰਦਰ ਸਿੰਘ ਭੁੱਲਰ, ਅੰਮ੍ਰਿਤਪਾਲ ਸਿੰਘ ਬਰਾੜ (ਕੈਨੇਡਾ), ਨਹਿਰੂ ਸਿੰਘ ਬਰਾੜ, ਕੌਰ ਸਿੰਘ ਬਰਾੜ, ਬਲਦੇਵ ਸਿੰਘ ਬਿੱਲੂ, ਸਾਬਕਾ ਪੰਚ ਸ਼ਮਿੰਦਰ ਸਿੰਘ ਢਿੱਲੋਂ, ਸੇਵਾ-ਮੁਕਤ ਪੁਲਿਸ ਅਧਿਕਾਰੀ ਬੂਟਾ ਸਿੰਘ ਢਿੱਲੋਂ, ਕੁਲਰਾਜ ਸਿੰਘ ਭਾਊ, ਸੁਰਜੀਤ ਸਿੰਘ ਸੀਰਾ ਬਰਾੜ, ਨਹਿਣਪਾਲ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਸਿੰਘ ਮਾਨ, ਸਿਕੰਦਰ ਸਿੰਘ ਭੁੱਲਰ, ਗੁਰਬੰਸਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।