- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀਆਂ ਨੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਐੱਸ.ਆਈ.ਆਰ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਪਵਨ ਗੋਇਲ ਜੈਤੋ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ (ਸਾਬਕਾ ਸਰਪੰਚ ਕਰੀਰਵਾਲੀ), ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ (ਸਾਬਕਾ ਸਰਪੰਚ ਮੜ੍ਹਾਕ), ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਂ ਸਾਬਕਾ ਬਲਾਕ ਸੰਮਤੀ ਮੈਂਬਰ ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਬਲਾਕ ਸੰਮਤੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਸੁਖਜੀਤ ਸਿੰਘ ਧਾਲੀਵਾਲ (ਸਾਬਕਾ ਸਰਪੰਚ ਕੋਠੇ ਹਵਾਨਾ) ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰੀਤਪਾਲ ਸਿੰਘ ਭਲੂਰੀਆ (ਸਾਬਕਾ ਸਰਪੰਚ ਬਰਗਾੜੀ) ਨੇ ਵਿਧਾਨ ਸਭਾ ਹਲਕਾ ਜੈਤੋ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ। ਕਾਂਗਰਸੀ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਵੋਟਰ ਕਾਰਡ ਰਾਹੀਂ ਹੀ ਹਰ ਨਾਗਰਿਕ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰ ਸਕਦਾ ਹੈ ਅਤੇ ਆਪਣੇ ਨੁਮਾਇੰਦਿਆਂ, ਜ਼ਿਲ੍ਹਾ ਪ੍ਰੀਸ਼ਦਾਂ, ਨਗਰ ਕੌਂਸਲਾਂ ਅਤੇ ਹੋਰ ਲੋਕਤੰਤਰੀ ਸੰਸਥਾਵਾਂ ਲਈ ਆਪਣੇ ਮਨਪਸੰਦ ਉਮੀਦਵਾਰ ਦੀ ਚੋਣ ਕਰ ਸਕਦਾ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਦੀ ਪੁਸ਼ਟੀ ਕਰਵਾਉਣੀ ਅਤੇ ਇਸ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ ਮੁਹਿੰਮ ਦਾ ਮਕਸਦ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਕਰਨਾ ਹੈ ਤਾਂ ਜੋ ਕਿਸੇ ਵੀ ਯੋਗ ਨਾਗਰਿਕ ਦਾ ਵੋਟ ਦਾ ਹੱਕ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਬਿਹਾਰ, ਕਰਨਾਟਕ, ਮਹਾਰਾਸ਼ਟਰ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਕੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੀ ਸਥਿਤੀ ਤੋਂ ਬਚਣ ਲਈ ਹਰ ਵਿਅਕਤੀ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਕਾਂਗਰਸੀ ਆਗੂਆਂ ਨੇ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ, ਕਾਰੋਬਾਰ ਜਾਂ ਹੋਰ ਰੁਝੇਵਿਆਂ ਦੇ ਬਾਵਜੂਦ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਕੁਝ ਸਮਾਂ ਕੱਢ ਕੇ ਐੱਸ.ਆਈ.ਆਰ ਮੁਹਿੰਮ ਵਿੱਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਅੱਜ ਦੀ ਛੋਟੀ ਜਿਹੀ ਲਾਪਰਵਾਹੀ ਭਵਿੱਖ ਵਿੱਚ ਤੁਹਾਡੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਹਰ ਨੌਜਵਾਨ ਆਪਣੀ ਵੋਟ ਦੀ ਪੁਸ਼ਟੀ ਕਰਵਾਏ ਅਤੇ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜੇ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਲੋਕਤੰਤਰੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਵਿੱਚ ਐੱਸ.ਆਈ.ਆਰ ਤਹਿਤ ਮੈਪਿੰਗ ਦਾ ਕੰਮ ਹਾਲੇ ਵੀ ਬਹੁਤ ਘੱਟ ਹੋਇਆ ਹੈ। ਅਸੀਂ ਹਲਕਾ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਐੱਸ.ਆਈ.ਆਰ ਮੁਹਿੰਮ ਦਾ ਹਿੱਸਾ ਬਣੋ, ਆਪਣੀ ਵੋਟ ਨੂੰ ਸੁਰੱਖਿਅਤ ਬਣਾਓ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੋ ਅਤੇ ਇਸੇ ਤਾਕਤ ਨਾਲ ਤੁਸੀਂ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆ ਸਕਦੇ ਹੋ। ਕਾਂਗਰਸੀ ਆਗੂਆਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਲਈ ਘਰ-ਘਰ ਪਹੁੰਚ ਰਹੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਆਪਣੇ ਪਰਿਵਾਰ ਦੇ ਹਰ ਯੋਗ ਮੈਂਬਰ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣ। ਅੰਤ ਵਿੱਚ ਉਨ੍ਹਾਂ ਕਿਹਾ ਕਿ ਆਪਣੀ ਵੋਟ ਦੀ ਰੱਖਿਆ ਕਰਨਾ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ। ਆਓ, ਸਾਰੇ ਮਿਲ ਕੇ ਐੱਸ.ਆਈ.ਆਰ ਮੁਹਿੰਮ ਨੂੰ ਕਾਮਯਾਬ ਬਣਾਈਏ ਅਤੇ ਆਪਣੇ ਲੋਕਤੰਤਰੀ ਅਧਿਕਾਰਾਂ ਨੂੰ ਮਜ਼ਬੂਤ ਕਰੀਏ।