ਅਰਸ਼ ਸੱਚਰ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਕ੍ਰਿਕਟ ਪ੍ਰੀਮੀਅਰ ਲੀਗ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ : ਅਰਸ਼ ਸੱਚਰ
Publish Date: Mon, 20 Jul 2026 05:30 PM (IST)
Updated Date: Mon, 20 Jul 2026 05:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਕ੍ਰਿਕਟ ਪ੍ਰੀਮੀਅਰ ਲੀਗ ਦੇ ਮੌਕੇ ਤੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਖੇਡ ਭਾਵਨਾ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਰਸ਼ ਸੱਚਰ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਸਕਾਰਾਤਮਕ ਸੋਚ ਦਾ ਵੀ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਆਪਣੀ ਊਰਜਾ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਂਦੇ ਹਨ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਆਪਣੇ ਆਪ ਦੂਰ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਉਚਿਤ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਸਮਾਜ ਦੇ ਹਰ ਵਰਗ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਦਾ ਹੌਂਸਲਾ ਵਧਾਉਣ ਅਤੇ ਖੇਡਾਂ ਪ੍ਰਤੀ ਸਕਾਰਾਤਮਕ ਮਾਹੌਲ ਸਿਰਜਣ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਇੱਕ ਤੰਦਰੁਸਤ, ਅਨੁਸ਼ਾਸਿਤ, ਨਸ਼ਾ-ਮੁਕਤ ਅਤੇ ਤਰੱਕੀਸ਼ੀਲ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਅਰਸ਼ ਸੱਚਰ ਨੇ ਪ੍ਰੀਮੀਅਰ ਲੀਗ ਦੇ ਸਫ਼ਲ ਆਯੋਜਨ ਲਈ ਗੋਪੀ, ਡਾ. ਆਕਾਸ਼ (ਪੱਪੀ ਹੱਟ) ਅਤੇ ਮਾਨ ਅਕੈਡਮੀ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਖੇਡ ਭਾਵਨਾ, ਅਨੁਸ਼ਾਸਨ, ਆਪਸੀ ਭਾਈਚਾਰੇ ਅਤੇ ਮੁਕਾਬਲੇ ਦੀ ਸਿਹਤਮੰਦ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।ਉਨ੍ਹਾਂ ਟੂਰਨਾਮੈਂਟ ਦੀਆਂ ਸਾਰੀਆਂ ਜੇਤੂ ਟੀਮਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਦੇ ਨਾਲ ਹੀ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਮੂਹ ਟੀਮਾਂ, ਖਿਡਾਰੀਆਂ, ਪ੍ਰਬੰਧਕਾਂ, ਕੋਚਾਂ, ਆਯੋਜਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸਲ ਜਿੱਤ ਖੇਡ ਭਾਵਨਾ, ਅਨੁਸ਼ਾਸਨ ਅਤੇ ਏਕਤਾ ਦੀ ਹੁੰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਖਿਡਾਰੀ ਇਸੇ ਜਜ਼ਬੇ ਨਾਲ ਅੱਗੇ ਵੱਧਦੇ ਹੋਏ ਆਪਣੇ ਪਰਿਵਾਰ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।ਅੰਤ ਵਿੱਚ ਅਰਸ਼ ਸੱਚਰ ਨੇ ਕਿਹਾ ਕਿ ਤੰਦਰੁਸਤ ਨੌਜਵਾਨ, ਨਸ਼ਾ-ਮੁਕਤ ਸਮਾਜ, ਰੰਗਲਾ ਪੰਜਾਬ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਸਾਡਾ ਸਾਂਝਾ ਸੰਕਲਪ ਹੈ। ਇਸ ਸੰਕਲਪ ਨੂੰ ਸਾਕਾਰ ਕਰਨ ਲਈ ਖੇਡਾਂ ਨੂੰ ਪ੍ਰਫੁੱਲਤ ਕਰਨਾ, ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।