ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ : ਅਮੋਲਕ ਸਿੰਘ
ਭਾਜਪਾ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਜਾਰੀ ਰੱਖਿਆ : ਵਿਧਾਇਕ ਅਮੋਲਕ ਸਿੰਘ
Publish Date: Thu, 05 Feb 2026 03:45 PM (IST)
Updated Date: Fri, 06 Feb 2026 04:02 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸੰਸਦ ਵਿੱਚ ਪੇਸ਼ ਕੀਤੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਨੇ ਦੇਸ਼ ਭਰ ਦੇ ਲੋਕਾਂ ਨੂੰ ਡੂੰਘੀ ਨਿਰਾਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਵਿੱਚ ਆਉਣ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਬਜਟ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਜਾਂ ਆਮ ਨਾਗਰਿਕਾਂ ਲਈ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਪੰਜਾਬ ਨਾਲ ਇੱਕ ਵਾਰ ਫਿਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਆਜ਼ਾਦੀ ਤੋਂ ਲੈ ਕੇ ਅੰਨ ਦੀ ਕਮੀ ਦੌਰਾਨ ਦੇਸ਼ ਦਾ ਪੇਟ ਭਰਨ ਤੱਕ ਅਤੇ ਮੁਸ਼ਕਿਲ ਸਮਿਆਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਪੰਜਾਬ ਦੇ ਇਤਿਹਾਸਕ ਯੋਗਦਾਨ ਦੇ ਬਾਵਜੂਦ, ਸੂਬੇ ਲਈ ਕਿਸੇ ਵੀ ਨਵੇਂ ਵੱਡੇ ਪ੍ਰੋਜੈਕਟ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕੇਂਦਰ ਦੇ ਇਸ ਰਵੱਈਏ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਦੀ ਲਗਾਤਾਰ ਹੋ ਰਹੀ ਅਣਦੇਖੀ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਨੇ ਬਜਟ ਨੂੰ ਸਿਰੇ ਤੋਂ ਨਕਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨ ਦੀ ਅਪੀਲ ਕੀਤੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਯਾਦ ਦਿਵਾਇਆ ਕਿ ਪੰਜਾਬ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਹ ਨਿਰਪੱਖਤਾ, ਸਤਿਕਾਰ ਅਤੇ ਬਣਦੀ ਸਹਾਇਤਾ ਦਾ ਹੱਕਦਾਰ ਹੈ।