ਕੌਂਸਲਰ ਨਿਰਮਲਾ ਦੇਵੀ ਨੇ ਨਵੇਂ ਰਾਸ਼ਨ ਕਾਰਡ ਤੇ ਕਿੱਟਾਂ ਵੰਡੀਆਂ
ਕੌਂਸਲਰ ਨਿਰਮਲਾ ਦੇਵੀ ਗਰਗ ਨੇ ਵੰਡੇ ਨਵੇਂ ਸਮਾਰਟ ਰਾਸ਼ਨ ਕਾਰਡ ਤੇ ਰਾਸ਼ਨ ਕਿੱਟਾਂ
Publish Date: Fri, 19 Jun 2026 04:31 PM (IST)
Updated Date: Sat, 20 Jun 2026 04:01 AM (IST)

ਵਾਰਡ-11 ਜੈਤੋ ’ਚ ਲਾਭਪਾਤਰੀਆਂ ਨੂੰ ਮਿਲਿਆ ਸਰਕਾਰੀ ਯੋਜਨਾਵਾਂ ਦਾ ਲਾਭ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜੈਤੋ ਦੇ ਵਾਰਡ ਨੰਬਰ-11 ਵਿੱਚ ਨਵੇਂ ਸਮਾਰਟ ਰਾਸ਼ਨ ਕਾਰਡਾਂ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਨਗਰ ਕੌਂਸਲਰ ਨਿਰਮਲਾ ਦੇਵੀ ਗਰਗ ਵੱਲੋਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ, ਲਾਭਪਾਤਰੀ ਪਰਿਵਾਰ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੌਂਸਲਰ ਨਿਰਮਲਾ ਦੇਵੀ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਹਰ ਲੋੜਵੰਦ ਅਤੇ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਪ੍ਰਣਾਲੀ ਨਾਲ ਰਾਸ਼ਨ ਵੰਡ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕਾਰਗੁਜ਼ਾਰੀ ਵਿੱਚ ਵਾਧਾ ਹੋਵੇਗਾ, ਜਿਸ ਨਾਲ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਾਰਟ ਰਾਸ਼ਨ ਕਾਰਡਾਂ ਰਾਹੀਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜੇਕਰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਸਬੰਧਤ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਹਰ ਵਰਗ ਦੀ ਭਲਾਈ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਨਿਰਮਲਾ ਦੇਵੀ ਗਰਗ ਨੇ ਕਿਹਾ ਕਿ ਸਿਹਤ ਬੀਮਾ ਯੋਜਨਾਵਾਂ ਰਾਹੀਂ ਹਜ਼ਾਰਾਂ ਪਰਿਵਾਰ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਐਲਾਨੀ ਗਈ 1000/1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਵੀ ਮਿਤੀ 1 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਘਰੇਲੂ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜੈਤੋ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਸ਼ਹਿਰ ਦੀ ਨੁਹਾਰ ਲਗਾਤਾਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਅਤੇ ਪੰਜਾਬ ਟਰੇਡਰ ਕਮਿਸ਼ਨ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕ-ਭਲਾਈ ਲਈ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਸਮਾਰਟ ਰਾਸ਼ਨ ਕਾਰਡਾਂ ਅਤੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਤੀਨਿਧੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਸਮਾਗਮ ਦੌਰਾਨ ਡੀਪੂ ਹੋਲਡਰ ਨਰੇਸ਼ ਕੁਮਾਰ, ਧਰਮਪਾਲ ਗਰਗ, ਪੂਜਾ ਰਾਣੀ ਗਰਗ, ਸੁਨੀਲ ਗਰਗ, ਪਿਊਸ਼ ਗਰਗ ਆਦਿ ਮੌਜੂਦ ਸਨ।