- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਲਾਭਪਾਤਰੀਆਂ ਨੂੰ ਵੰਡੇ ਨਵੇਂ ਰਾਸ਼ਨ ਕਾਰਡ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਹਰ ਯੋਗ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਲੋਕ-ਪੱਖੀ ਯੋਜਨਾਵਾਂ ਤਹਿਤ ਨਵੇਂ ਰਾਸ਼ਨ ਕਾਰਡਾਂ ਦੀ ਵੰਡ ਦਾ ਕੰਮ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਦੇ ਤਹਿਤ ਜੈਤੋ ਸ਼ਹਿਰ ਦੇ ਵਾਰਡ ਨੰਬਰ-3 ਦੇ ਯੋਗ ਅਤੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਰਾਸ਼ਨ ਕਾਰਡ ਵੰਡੇ ਗਏ। ਇਹ ਰਾਸ਼ਨ ਕਾਰਡ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੌਜੂਦਾ ਨਗਰ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਾਰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਅਤੇ ਹਰ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਇਸੇ ਲਈ ਰਾਸ਼ਨ ਕਾਰਡ, ਸਿਹਤ ਸੇਵਾਵਾਂ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਰਾਸ਼ਨ ਕਾਰਡ ਮਿਲਣ ਨਾਲ ਯੋਗ ਪਰਿਵਾਰਾਂ ਨੂੰ ਨਾ ਸਿਰਫ਼ ਸਰਕਾਰੀ ਰਾਸ਼ਨ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇਗੀ, ਸਗੋਂ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਲਾਭ ਲੈਣ ਵਿੱਚ ਵੀ ਆਸਾਨੀ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਜੈਤੋ ਦੇ ਹਰ ਹੱਕਦਾਰ ਵਿਅਕਤੀ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਰਾਸ਼ਨ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਵਾਰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਦਾ ਵਿਸ਼ੇਸ਼ ਆਭਾਰ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ਾਂ ਸਦਕਾ ਸਰਕਾਰੀ ਸਹੂਲਤਾਂ ਅਸਲ ਹੱਕਦਾਰਾਂ ਤੱਕ ਪਹੁੰਚ ਰਹੀਆਂ ਹਨ। ਲੋਕਾਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਭਲਾਈ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਡੀਪੂ ਹੋਲਡਰ ਬਚਿੱਤਰ ਸਿੰਘ ਚੀਨਾ, ਮਨਪ੍ਰੀਤ ਸਿੰਘ ਰਾਮੇਆਣਾ, ਭੁਪਿੰਦਰ ਸਿੰਘ ਗਿੱਲ, ਵਾਰਡ ਦੇ ਪਤਵੰਤੇ ਸੱਜਣ, ਲਾਭਪਾਤਰੀ ਪਰਿਵਾਰਾਂ ਦੇ ਮੈਂਬਰ ਅਤੇ ਹੋਰ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਹਾਜ਼ਰ ਸਨ।