ਫਿਰੌਤੀ ਮੰਗਣ ਦੇ ਦੋਸ਼ ’ਚ 2 ਵੱਖ-ਵੱਖ ਮਾਮਲੇ ਦਰਜ
ਫਿਰੌਤੀ ਮੰਗਣ ਦੇ ਦੋ ਵੱਖ-ਵੱਖ ਮਾਮਲੇ ਦਰਜ
Publish Date: Tue, 03 Feb 2026 04:06 PM (IST)
Updated Date: Wed, 04 Feb 2026 04:02 AM (IST)

ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਨਾਂਅ ’ਤੇ ਫਿਰੌਤੀ ਮੰਗਣ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਹੈ। ਪਹਿਲੀ ਘਟਨਾ ਨਗਰ ਕੌਂਸਲ ਫਰੀਦਕੋਟ ਦੇ ਇੱਕ ਡਰਾਈਵਰ ਨਾਲ ਵਾਪਰੀ, ਜਿਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਪੈਸਿਆਂ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ’ਤੇ ਪਰਿਵਾਰ ਸਮੇਤ ਖ਼ਤਮ ਕਰਨ ਦੀ ਧਮਕੀ ਦਿੱਤੀ ਗਈ। ਇਸ ਮਾਮਲੇ ਵਿੱਚ ਪੁਲੀਸ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਕਾਨਿਆਂਵਾਲੀ ਦੇ ਰਹਿਣ ਵਾਲੇ ਛੈਬਰ ਸਿੰਘ ਦੀ ਪਛਾਣ ਕਰਦਿਆਂ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ’ਚ ਸ਼ਹਿਰ ਦੀ ਗ੍ਰੀਨ ਐਵੀਨਿਊ ਕਲੋਨੀ ਦੇ ਇੱਕ ਵਸਨੀਕ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਭਰੀ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਖੁਦ ਨੂੰ ਰੋਹਿਤ ਗੋਦਾਰਾ ਗੈਂਗ ਦਾ ਮੈਂਬਰ ਦੱਸਿਆ। ਸਥਾਨਕ ਪੁਲੀਸ ਨੇ ਦੋਵਾਂ ਸ਼ਿਕਾਇਤਾਂ ਦੇ ਆਧਾਰ ’ਤੇ ਭਾਰਤੀ ਨਿਆ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 308(4) ਤਹਿਤ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਮਾਮਲਿਆਂ ਵਿੱਚ ਵਰਤੀ ਗਈ ਤਕਨੀਕ ਅਤੇ ਗੈਂਗ ਦਾ ਨਾਮ ਇੱਕੋ ਹੋਣ ਕਾਰਨ ਇਨ੍ਹਾਂ ਦੇ ਆਪਸੀ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੌਮਾਂਤਰੀ ਨੰਬਰਾਂ ਦੀ ਡਿਜੀਟਲ ਫੋਰੈਂਸਿਕ ਜਾਂਚ ਰਾਹੀਂ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਲਾਕੇ ਵਿੱਚ ਫੈਲੀ ਦਹਿਸ਼ਤ ਨੂੰ ਰੋਕਿਆ ਜਾ ਸਕੇ।