- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸ਼ਮੇਸ਼ ਮਿਸ਼ਨ ਸਕੂਲ ਦੀ ਗੱਤਕਾ ਟੀਮ ਨੇ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੀਆਂ ਵਿਦਿਆਰਥਣਾਂ ਨੇ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹ ਗੱਤਕਾ ਮੁਕਾਬਲੇ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰੂ ਕਾਸ਼ੀ ਤਲਵੰਡੀ ਸਾਬੋ ਵਿਖੇ ਕਰਵਾਏ ਗਏ। ਸਕੂਲ ਦੀ ਪੰਜਵੀਂ-ਏ ਕਲਾਸ ਦੀ ਵਿਦਿਆਰਥਣ ਜਸਨੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਅੰਡਰ-11 ਵਰਗ ਵਿੱਚ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਸਟੇਟ ਪੱਧਰ ’ਤੇ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਸਕੂਲ ਦੀ ਗਿਆਰਵੀਂ ਕਾਮਰਸ ਦੀ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ ਅੰਡਰ-17 ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਜੇਤੂ ਬਣਨ ਦਾ ਮਾਣ ਹਾਸਲ ਕੀਤਾ। ਇਨ੍ਹਾਂ ਗੱਤਕਾ ਮੁਕਾਬਲਿਆਂ ਲਈ ਕੋਚਿੰਗ ਮਨਵੀਰ ਸਿੰਘ ਮੱਤਾ ਗ੍ਰੰਥੀ ਵੱਲੋਂ ਦਿੱਤੀ ਗਈ। ਮੁਕਾਬਲਿਆਂ ਵਿੱਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸੋਮਾ ਦੇਵੀ ਹਾਜ਼ਰ ਸਨ।ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਗੱਤਕਾ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।