ਮਾਨ ਸਰਕਾਰ ਦੇ ਲੋਕ ਪੱਖੀ ਫ਼ੈਸਲੇ : ਵਿਦਿਆਰਥੀਆਂ, ਨੌਜਵਾਨਾਂ ਅਤੇ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ : ਧਰਮਜੀਤ ਸਿੰਘ ਰਾਮੇਆਣਾ
ਮਾਨ ਸਰਕਾਰ ਦੇ ਲੋਕ ਪੱਖੀ ਫ਼ੈਸਲੇ : ਵਿਦਿਆਰਥੀਆਂ, ਨੌਜਵਾਨਾਂ ਅਤੇ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ : ਧਰਮਜੀਤ ਸਿੰਘ ਰਾਮੇਆਣਾ
Publish Date: Fri, 12 Jun 2026 05:39 PM (IST)
Updated Date: Fri, 12 Jun 2026 05:41 PM (IST)

ਮਾਨ ਸਰਕਾਰ ਨੇ ਲਏ ਲੋਕ ਪੱਖੀ ਫੈਸਲੇ : ਰਾਮੇਆਣਾ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਦੌਰਾਨ ਲੋਕ ਹਿਤ ਅਤੇ ਰਾਜ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਫ਼ੈਸਲਿਆਂ ਦਾ ਸਿੱਧਾ ਲਾਭ ਵਿਦਿਆਰਥੀਆਂ, ਨੌਜਵਾਨਾਂ, ਬੇਰੁਜ਼ਗਾਰਾਂ ਅਤੇ ਆਮ ਲੋਕਾਂ ਨੂੰ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਕੈਬਿਨੇਟ ਦੇ ਤਾਜ਼ਾ ਫ਼ੈਸਲੇ ਇਸ ਗੱਲ ਦਾ ਸਪੱਸ਼ਟ ਸਬੂਤ ਹਨ। ਉਨ੍ਹਾਂ ਦੱਸਿਆ ਕਿ ਐੱਨਈਈਟੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਅਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਕੈਬਿਨੇਟ ਨੇ ਸਿੱਖਿਆ ਖੇਤਰ ਵਿੱਚ ਵੱਡਾ ਫ਼ੈਸਲਾ ਕਰਦਿਆਂ 1,013 ਲੈਕਚਰਾਰ ਅਸਾਮੀਆਂ ਲਈ ਉਮੀਦਵਾਰਾਂ ਨੂੰ ਉਮਰ ਸੀਮਾ ਵਿੱਚ ਇੱਕ ਵਾਰ ਲਈ ਪੰਜ ਸਾਲ ਤੱਕ ਦੀ ਛੋਟ ਦੇਣ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਨਾਲ ਲੰਮੇ ਸਮੇਂ ਤੋਂ ਭਰਤੀ ਦੀ ਉਡੀਕ ਕਰ ਰਹੇ ਯੋਗ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਭਰਤੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਹ ਭਰਤੀ ਪ੍ਰਕਿਰਿਆ ਵਿਭਾਗੀ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਨੌਜਵਾਨ ਇੰਜੀਨੀਅਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਰਾਜ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕੈਬਿਨੇਟ ਨੇ ਡੀਸਿਲਟਿੰਗ ਦੇ ਕੰਮਾਂ ਸਬੰਧੀ ਵੀ ਅਹਿਮ ਫ਼ੈਸਲੇ ਕੀਤੇ ਹਨ। ਹੁਣ ਸਿੰਗਲ ਬਿਡਰ ਨੂੰ ਵੀ ਡੀਸਿਲਟਿੰਗ ਦਾ ਟੈਂਡਰ ਦਿੱਤਾ ਜਾ ਸਕੇਗਾ, ਜਿਸ ਨਾਲ ਵਿਕਾਸ ਕਾਰਜਾਂ ਵਿੱਚ ਦੇਰੀ ਨਹੀਂ ਹੋਵੇਗੀ ਅਤੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣਗੇ। ਇਸ ਦੇ ਨਾਲ ਹੀ ਕਿਸੇ ਵੀ ਖੇਤਰ ਵਿੱਚ ਤੁਰੰਤ ਡੀਸਿਲਟਿੰਗ ਦੀ ਲੋੜ ਪੈਣ ਦੀ ਸੂਰਤ ਵਿੱਚ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਮੀਂਹਾਂ ਦੌਰਾਨ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਤੋਂ ਬਚਾਇਆ ਜਾ ਸਕੇ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਹ ਲੋਕ ਪੱਖੀ ਫ਼ੈਸਲੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਵੱਲ ਲੈ ਕੇ ਜਾਣਗੇ।