- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਹਜ਼ਾਰ ਪਿੰਡਾਂ ਤੱਕ ਪਹੁੰਚੇਗਾ ਗੁਰੂ ਜੀ ਦਾ ਸੰਦੇਸ਼

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਢੰਗ ਨਾਲ ਮਨਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਨੁੱਖਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਇਸ ਮੁਹਿੰਮ ਦੇ ਤਹਿਤ ਮੋਬਾਈਲ ਐਲਈਡੀ ਵੈਨਾਂ ਰਾਹੀਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਅਤੇ ਪ੍ਰੇਰਣਾਦਾਇਕ ਸੰਦੇਸ਼ ਪ੍ਰਦਰਸ਼ਿਤ ਕੀਤੇ ਜਾਣਗੇ। ਇਹ ਪ੍ਰਗਟਾਵਾ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਜੀਟਲ ਸਿਸਟਮ ਅਧਾਰਿਤ ਇਸ ਵਿਸ਼ੇਸ਼ ਮੁਹਿੰਮ ਤਹਿਤ ਵੱਡੀਆਂ ਐਲਈਡੀ ਸਕਰੀਨਾਂ ਨਾਲ ਲੈਸ ਮੋਬਾਈਲ ਵੈਨਾਂ ਸੂਬੇ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਜਾਣਗੀਆਂ। ਹਰ ਪਿੰਡ ਵਿੱਚ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾਈ ਜਾਵੇਗੀ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਨਤਾ, ਭਾਈਚਾਰੇ, ਪਿਆਰ, ਮਨੁੱਖੀ ਏਕਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਿਰਫ਼ ਇੱਕ ਧਾਰਮਿਕ ਸਮਾਗਮ ਤੱਕ ਸੀਮਤ ਨਹੀਂ ਰੱਖਣਾ ਚਾਹੁੰਦੀ, ਸਗੋਂ ਇਸ ਨੂੰ ਸਮਾਜਿਕ ਏਕਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਬਰਾਬਰੀ ਦੇ ਮਹਾਂਉਤਸਵ ਵਜੋਂ ਮਨਾਉਣ ਲਈ ਵਚਨਬੱਧ ਹੈ। ਇਸੇ ਤਹਿਤ ਵਾਰਾਣਸੀ, ਫ਼ਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਭਰ ਦੇ ਸ਼ਰਧਾਲੂਆਂ ਲਈ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ’ਤੇ ਵਿਸ਼ੇਸ਼ ਸੈਮੀਨਾਰ, ਭਾਸ਼ਣ ਮੁਕਾਬਲੇ, ਵਿਚਾਰ ਗੋਸ਼ਠੀਆਂ ਅਤੇ ਹੋਰ ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਵਿਦਿਆਰਥੀਆਂ ਵਿੱਚ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਸਾਂਝੀਵਾਲਤਾ ਦੇ ਮੁੱਲ ਹੋਰ ਮਜ਼ਬੂਤ ਹੋ ਸਕਣ। ਉਨ੍ਹਾਂ ਦੱਸਿਆ ਕਿ ਵਾਤਾਵਰਣ ਸੰਭਾਲ ਨੂੰ ਵੀ ਇਸ ਵਿਸ਼ੇਸ਼ ਮੁਹਿੰਮ ਨਾਲ ਜੋੜਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਗੁਰੂ ਸਾਹਿਬ ਦੀ ਪ੍ਰਕਿਰਤੀ ਪ੍ਰਤੀ ਸਤਿਕਾਰ ਅਤੇ ਸਾਫ਼-ਸੁਥਰੇ ਵਾਤਾਵਰਣ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਹੋਰ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ ਦੌੜਾਂ, ਸਾਈਕਲ ਰੈਲੀਆਂ, ਕੀਰਤਨ ਦਰਬਾਰ, ਸੱਭਿਆਚਾਰਕ ਪ੍ਰੋਗਰਾਮ ਅਤੇ ਸਮਾਜਿਕ ਭਲਾਈ ਨਾਲ ਸਬੰਧਤ ਕਈ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਮਹਾਨ ਇਤਿਹਾਸਕ ਮੌਕੇ ਨਾਲ ਜੋੜਿਆ ਜਾ ਸਕੇ। ‘ਆਪ’ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਗੁਰੂ ਸਾਹਿਬ ਨੇ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਸਮਾਨਤਾ, ਭਾਈਚਾਰੇ, ਮਿਹਨਤ, ਸੱਚਾਈ ਅਤੇ ਮਨੁੱਖੀ ਸੇਵਾ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਸਮਾਜ ਲਈ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ ਭਰ ਚੱਲਣ ਵਾਲੀ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਦਰਸਾਏ ਹੋਏ ਮਾਰਗ ’ਤੇ ਚੱਲਣ ਦਾ ਸੰਕਲਪ ਲੈਣ।