- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਇਓਡੀਨ ਦੀ ਕਮੀ ਕਾਰਨ ਹੋ ਸਕਦੀਆਂ ਹਨ ਕਈ ਗੰਭੀਰ ਬਿਮਾਰੀਆਂ : ਡਾ. ਵਰਿੰਦਰ ਕੁਮਾਰ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਆਇਓਡੀਨ ਮਨੁੱਖੀ ਸਰੀਰ ਲਈ ਬਹੁਤ ਹੀ ਮਹੱਤਵਪੂਰਨ ਅਤੇ ਲਾਜ਼ਮੀ ਤੱਤ ਹੈ, ਜਿਸ ਦੀ ਘਾਟ ਕਾਰਨ ਕਈ ਗੰਭੀਰ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਇਓਡੀਨ ਯੁਕਤ ਨਮਕ ਦੀ ਵਰਤੋਂ ਅਤੇ ਸੰਤੁਲਿਤ ਖੁਰਾਕ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ਤਾਂ ਜੋ ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇੱਥੇ ਗੱਲਬਾਤ ਕਰਦਿਆਂ ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਆਇਓਡੀਨ ਸਰੀਰ ਵਿੱਚ ਥਾਇਰਾਇਡ ਗ੍ਰੰਥੀ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਹੁਤ ਜ਼ਰੂਰੀ ਹੈ। ਇਹ ਤੱਤ ਮਨੁੱਖ ਦੇ ਸਰੀਰਕ ਵਿਕਾਸ, ਦਿਮਾਗੀ ਸਮਰੱਥਾ, ਮਾਨਸਿਕ ਵਿਕਾਸ ਅਤੇ ਸਿਹਤਮੰਦ ਜੀਵਨ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰੀਰ ਵਿੱਚ ਆਇਓਡੀਨ ਦੀ ਘਾਟ ਹੋ ਜਾਂਦੀ ਹੈ ਤਾਂ ਥਾਇਰਾਇਡ ਸੰਬੰਧੀ ਬਿਮਾਰੀਆਂ ਦੇ ਨਾਲ-ਨਾਲ ਕਈ ਹੋਰ ਗੰਭੀਰ ਸਿਹਤ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਆਇਓਡੀਨ ਦੀ ਕਮੀ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਆਇਓਡੀਨ ਦੀ ਘਾਟ ਕਾਰਨ ਪੈਦਾ ਹੋਣ ਵਾਲੇ ਬੱਚੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਮਜ਼ੋਰ ਹੋ ਸਕਦੇ ਹਨ। ਇਸ ਤੋਂ ਇਲਾਵਾ ਬੱਚਿਆਂ ਵਿੱਚ ਬੋਲਣ ਅਤੇ ਸੁਣਨ ਦੀ ਸਮਰੱਥਾ ਪ੍ਰਭਾਵਿਤ ਹੋ ਸਕਦੀ ਹੈ, ਗੂੰਗਾਪਣ, ਬੋਲਾਪਣ, ਭੈਂਗਾਪਣ, ਮਾਨਸਿਕ ਵਿਕਾਸ ਵਿੱਚ ਰੁਕਾਵਟ ਅਤੇ ਹੋਰ ਕਈ ਜਨਮਜਾਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਕਈ ਮਾਮਲਿਆਂ ਵਿੱਚ ਮਰਿਆ ਹੋਇਆ ਬੱਚਾ ਪੈਦਾ ਹੋਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਆਇਓਡੀਨ ਦੀ ਕਮੀ ਕਾਰਨ ਗਲੇ ਵਿੱਚ ਗੰਢਾਂ ਪੈ ਜਾਣਾ ਅਤੇ ਗਿੱਲੜ (ਗੁਆਇਟਰ) ਵਰਗੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਸਰੀਰ ਨੂੰ ਬਹੁਤ ਘੱਟ ਮਾਤਰਾ ਵਿੱਚ ਆਇਓਡੀਨ ਦੀ ਲੋੜ ਹੁੰਦੀ ਹੈ, ਪਰ ਇਹ ਘੱਟ ਮਾਤਰਾ ਵੀ ਸਰੀਰ ਲਈ ਬੇਹੱਦ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰੋਜ਼ਾਨਾ ਖੁਰਾਕ ਵਿੱਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਦੇ ਨਾਲ-ਨਾਲ ਦੁੱਧ, ਦਹੀਂ, ਮੱਛੀ ਅਤੇ ਹੋਰ ਸਮੁੰਦਰੀ ਭੋਜਨ ਵਰਗੀਆਂ ਆਇਓਡੀਨ ਭਰਪੂਰ ਖੁਰਾਕਾਂ ਨੂੰ ਵੀ ਆਪਣੀ ਖਾਣ-ਪੀਣ ਦੀ ਆਦਤ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਮਕ ਨੂੰ ਖੁੱਲ੍ਹਾ ਜਾਂ ਨਮੀ ਵਾਲੀ ਥਾਂ ’ਤੇ ਰੱਖਿਆ ਜਾਵੇ ਤਾਂ ਉਸ ਵਿੱਚ ਮੌਜੂਦ ਆਇਓਡੀਨ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਲਈ ਨਮਕ ਨੂੰ ਹਮੇਸ਼ਾਂ ਬੰਦ ਢੱਕਣ ਵਾਲੇ ਸੁੱਕੇ ਬਰਤਨਾਂ ਵਿੱਚ ਹੀ ਸਟੋਰ ਕਰਨਾ ਚਾਹੀਦਾ ਹੈ। ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਨਮਕ ਦੇ ਪੈਕਟ ’ਤੇ ਚੜ੍ਹਦੇ ਸੂਰਜ ਦਾ ਨਿਸ਼ਾਨ ਬਣਿਆ ਹੋਵੇ, ਉਹ ਆਇਓਡਾਈਜ਼ਡ ਨਮਕ ਹੁੰਦਾ ਹੈ ਅਤੇ ਸਿਹਤ ਲਈ ਲਾਭਕਾਰੀ ਮੰਨਿਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਆਇਓਡੀਨ ਦੀ ਕਮੀ ਤੋਂ ਬਚਾਅ ਲਈ ਸਹੀ ਖੁਰਾਕ ਅਪਣਾਉਣ ਦੀ ਅਪੀਲ ਕੀਤੀ।