- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਦੇ ਮੈਡੀਕਲ ਕਾਲਜ ’ਚ ਪੁਲਿਸ ਚੌਂਕੀ ਦੀ ਜਾਂਚ ਦੀ ਕੰਤੀ ਮੰਗ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਕਾਨੂੰਨ-ਵਿਵਸਥਾ ਦੀ ਪਾਰਦਰਸ਼ਤਾ, ਨਿਰਪੱਖਤਾ ਅਤੇ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਬਣਾਈ ਰੱਖਣ ਦੇ ਉਦੇਸ਼ ਨਾਲ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਮੈਡੀਕਲ ਕਾਲਜ ਪੁਲਿਸ ਚੌਂਕੀ ਫਰੀਦਕੋਟ ਨਾਲ ਸੰਬੰਧਿਤ ਇੱਕ ਮਹੱਤਵਪੂਰਨ ਮਾਮਲੇ ਨੂੰ ਪੰਜਾਬ ਸਰਕਾਰ ਦੇ ਉੱਚ ਪੱਧਰ ‘ਤੇ ਉਠਾਇਆ ਗਿਆ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਹਾਲ ਹੀ ਵਿੱਚ ਫਰੀਦਕੋਟ ਦੇ ਲੋਕਾਂ ਵਿੱਚ ਕਈ ਤਰ੍ਹਾਂ ਦੀ ਚਰਚਾ ਅਤੇ ਸਵਾਲ ਸਾਹਮਣੇ ਆ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਕਿਸੇ ਸਰਕਾਰੀ ਸੰਸਥਾ ਜਾਂ ਪ੍ਰਸ਼ਾਸਕੀ ਪ੍ਰਣਾਲੀ ਨਾਲ ਸੰਬੰਧਿਤ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਬਾਰੇ ਸੱਚਾਈ ਅਤੇ ਪਾਰਦਰਸ਼ਤਾ ਨਾਲ ਜਾਣਕਾਰੀ ਮਿਲਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਭਰੋਸਾ ਪ੍ਰਸ਼ਾਸਨ ਅਤੇ ਕਾਨੂੰਨੀ ਪ੍ਰਣਾਲੀ ‘ਤੇ ਬਣਿਆ ਰਹੇ। ਇਨ੍ਹਾਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਰਸ਼ ਸੱਚਰ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ , ਗ੍ਰਹਿ ਵਿਭਾਗ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਅਰਜ਼ੀ ਭੇਜ ਕੇ ਮਾਮਲੇ ਦੀ ਪੂਰੀ ਤਰ੍ਹਾਂ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ ਅਰਸ਼ ਸੱਚਰ ਨੇ ਕਿਹਾ ਕਿ ਜਨਤਾ ਦਾ ਭਰੋਸਾ ਕਿਸੇ ਵੀ ਲੋਕਤਾਂਤ੍ਰਿਕ ਪ੍ਰਣਾਲੀ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ। ਇਸ ਲਈ ਜਦੋਂ ਵੀ ਕਿਸੇ ਸਰਕਾਰੀ ਦਫ਼ਤਰ ਜਾਂ ਪੁਲਿਸ ਪ੍ਰਣਾਲੀ ਬਾਰੇ ਸਵਾਲ ਉੱਠਦੇ ਹਨ ਤਾਂ ਉਹਨਾਂ ਦਾ ਜਵਾਬ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਰਾਹੀਂ ਦੇਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਆਪਣੀ ਅਰਜ਼ੀ ਵਿੱਚ ਮੰਗ ਕੀਤੀ ਹੈ ਕਿ ਮੈਡੀਕਲ ਕਾਲਜ ਪੁਲਿਸ ਚੌਂਕੀ ਨਾਲ ਸੰਬੰਧਿਤ ਘਟਨਾ ਦੀ ਪੂਰੀ ਨਿਰਪੱਖ ਜਾਂਚ ਕੀਤੀ ਜਾਵੇ, ਉਸ ਦਿਨ ਦੀ ਫੁਟੇਜ ਤੁਰੰਤ ਸੁਰੱਖਿਅਤ ਕਰਕੇ ਜਾਂਚ ਕੀਤੀ ਜਾਵੇ, ਪਿਛਲੇ ਛੇ ਮਹੀਨਿਆਂ ਦੀ ਫੁਟੇਜ ਅਤੇ ਵਿਜ਼ਟਰ ਐਂਟਰੀ ਰਜਿਸਟਰ ਦੀ ਵੀ ਸਮੀਖਿਆ ਕੀਤੀ ਜਾਵੇ, ਚੌਂਕੀ ਦੀ ਰੋਜ਼ਾਨਾ ਕਾਰਗੁਜ਼ਾਰੀ ਅਤੇ ਉੱਥੇ ਆਉਣ-ਜਾਣ ਵਾਲੇ ਵਿਅਕਤੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇ,ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਹ ਵੀ ਚਿੰਤਾ ਜਤਾਈ ਜਾ ਰਹੀ ਹੈ ਕਿ ਕੁਝ ਬਾਹਰੀ ਵਿਅਕਤੀ ਅਕਸਰ ਚੌਂਕੀ ਵਿੱਚ ਆਉਂਦੇ-ਜਾਂਦੇ ਜਾਂ ਬੈਠਦੇ ਨਜ਼ਰ ਆਉਂਦੇ ਹਨ। ਜੇਕਰ ਅਜਿਹਾ ਹੈ ਤਾਂ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਉਹ ਵਿਅਕਤੀ ਕੌਣ ਹਨ, ਉਨ੍ਹਾਂ ਦਾ ਉੱਥੇ ਆਉਣ ਦਾ ਕੀ ਉਦੇਸ਼ ਹੈ ਅਤੇ ਕੀ ਉਨ੍ਹਾਂ ਦੀਆਂ ਐਂਟਰੀਆਂ ਵਿਜ਼ਟਰ ਰਜਿਸਟਰ ਵਿੱਚ ਦਰਜ ਕੀਤੀਆਂ ਜਾਂਦੀਆਂ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਥਾਂ ‘ਤੇ ਗੈਰ-ਅਧਿਕਾਰਤ ਦਖ਼ਲ ਜਾਂ ਪ੍ਰਭਾਵ ਪਾਇਆ ਜਾਂਦਾ ਹੈ ਤਾਂ ਇਹ ਲੋਕਤੰਤਰਕ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਤੁਰੰਤ ਰੋਕਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ, ਬਲਕਿ ਪ੍ਰਸ਼ਾਸਕੀ ਪ੍ਰਣਾਲੀ ਦੀ ਪਾਰਦਰਸ਼ਤਾ ਬਣਾਈ ਰੱਖਣ ਅਤੇ ਜਨਤਾ ਦੇ ਭਰੋਸੇ ਨੂੰ ਮਜ਼ਬੂਤ ਕਰਨ ਲਈ ਉਠਾਇਆ ਗਿਆ ਹੈ। ਅਰਸ਼ ਸੱਚਰ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਮੇਸ਼ਾਂ ਇਮਾਨਦਾਰ , ਪਾਰਦਰਸ਼ਤਾ ਅਤੇ ਜ਼ੀਰੋ ਟੋਲਰੈਂਸ ਅਗੇਨਸਟ ਕਰੱਪਸ਼ਨ ਦੀ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੇਕਰ ਜਾਂਚ ਦੌਰਾਨ ਕੋਈ ਵੀ ਗਲਤ ਕਾਰਗੁਜ਼ਾਰੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।