- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਨੀ ਨੂੰ ਸੀ.ਐੱਮ. ਚਿਹਰਾ ਬਣਾਉਣ ਦੀ ਮੰਗ ਤੇਜ਼, ਸੰਦੀਪ ਕੁਮਾਰ ਨੇ ਹਾਈਕਮਾਂਡ ਨੂੰ ਕੀਤੀ ਅਪੀਲ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਅੰਦਰੋਂ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ ਵਾਸੀ ਪਿੰਡ ਰੋਮਾਣਾ ਅਜੀਤ ਸਿੰਘ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਹੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਜਾਵੇ। ਆਪਣੇ ਇੱਕ ਵਿਸ਼ੇਸ਼ ਬਿਆਨ ਵਿੱਚ ਸੰਦੀਪ ਕੁਮਾਰ ਨੇ ਕਿਹਾ ਕਿ ਮੌਜੂਦਾ ਪੰਜਾਬ ਦੇ ਸਿਆਸੀ ਹਾਲਾਤਾਂ ਨੂੰ ਦੇਖਦਿਆਂ ਚਰਨਜੀਤ ਸਿੰਘ ਚੰਨੀ ਹੀ ਉਹ ਆਗੂ ਹਨ ਜੋ ਆਮ ਲੋਕਾਂ ਨਾਲ ਸਿੱਧਾ ਜੁੜੇ ਹੋਏ ਹਨ ਅਤੇ ਜਿਨ੍ਹਾਂ ਦੀ ਲੋਕਾਂ ਵਿੱਚ ਵੱਡੀ ਪਛਾਣ ਹੈ। ਉਨ੍ਹਾਂ ਕਿਹਾ ਕਿ ਚੰਨੀ ਦਾ ਸਾਦਾ ਜੀਵਨ, ਆਮ ਵਰਗ ਨਾਲ ਜੁੜਿਆ ਅਕਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੀ ਛਵੀ ਕਾਂਗਰਸ ਪਾਰਟੀ ਲਈ ਚੋਣਾਂ ਵਿੱਚ ਵੱਡੀ ਤਾਕਤ ਸਾਬਤ ਹੋ ਸਕਦੀ ਹੈ। ਸੰਦੀਪ ਕੁਮਾਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ 111 ਦਿਨਾਂ ਦਾ ਮੁੱਖ ਮੰਤਰੀ ਕਾਰਜਕਾਲ ਭਾਵੇਂ ਛੋਟਾ ਸੀ, ਪਰ ਉਸ ਦੌਰਾਨ ਲਏ ਗਏ ਕਈ ਲੋਕ-ਪੱਖੀ ਫ਼ੈਸਲਿਆਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੰਨੀ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ, ਮੁਲਾਜ਼ਮਾਂ, ਗਰੀਬ ਵਰਗ ਅਤੇ ਸਮਾਜ ਦੇ ਵੱਖ-ਵੱਖ ਹਿੱਸਿਆਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਲੋਕਾਂ ਵਿੱਚ ਵੱਖਰੀ ਪਛਾਣ ਬਣੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜੇਕਰ ਪੰਜਾਬ ਵਿੱਚ ਮੁੜ ਮਜ਼ਬੂਤੀ ਨਾਲ ਵਾਪਸੀ ਕਰਨੀ ਹੈ ਤਾਂ ਪਾਰਟੀ ਨੂੰ ਜ਼ਮੀਨੀ ਪੱਧਰ ਦੀਆਂ ਭਾਵਨਾਵਾਂ ਅਤੇ ਵਰਕਰਾਂ ਦੀਆਂ ਉਮੀਦਾਂ ਨੂੰ ਧਿਆਨ ਵਿੱਚ ਰੱਖਣਾ ਹੋਵੇਗਾ। ਉਨ੍ਹਾਂ ਅਨੁਸਾਰ ਚੰਨੀ ਦੇ ਨਾਂ ਦਾ ਐਲਾਨ ਕਰਨ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਚੋਣ ਮੈਦਾਨ ਵਿੱਚ ਕਾਂਗਰਸ ਇਕਜੁੱਟ ਹੋ ਕੇ ਉਤਰ ਸਕੇਗੀ। ਯੂਥ ਕਾਂਗਰਸ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਲੀਡਰਸ਼ਿਪ ਦੀ ਉਮੀਦ ਕਰਦੇ ਹਨ ਜੋ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਵੇ ਅਤੇ ਆਮ ਲੋਕਾਂ ਦੀ ਆਵਾਜ਼ ਬਣੇ। ਉਨ੍ਹਾਂ ਕਿਹਾ ਕਿ ਚੰਨੀ ਦੀ ਸਿਆਸੀ ਪਹੁੰਚ ਅਤੇ ਲੋਕਾਂ ਨਾਲ ਉਨ੍ਹਾਂ ਦੀ ਨਜ਼ਦੀਕੀ ਪਾਰਟੀ ਲਈ ਲਾਹੇਵੰਦ ਹੋ ਸਕਦੀ ਹੈ। ਉਨ੍ਹਾਂ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ਼੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਸ਼੍ਰੀਮਤੀ ਪ੍ਰਿਯੰਕਾ ਗਾਂਧੀ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਨੂੰ ਬਿਨਾਂ ਕਿਸੇ ਦੇਰੀ ਦੇ ਪੰਜਾਬ ਦੀ ਸਿਆਸੀ ਹਕੀਕਤ ਨੂੰ ਸਮਝਦੇ ਹੋਏ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਰਕਰਾਂ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚਰਨਜੀਤ ਸਿੰਘ ਚੰਨੀ ਦੇ ਨਾਂ ’ਤੇ ਮੋਹਰ ਲਗਾਉਣੀ ਪਾਰਟੀ ਲਈ ਇੱਕ ਮਜ਼ਬੂਤ ਕਦਮ ਹੋ ਸਕਦਾ ਹੈ।