ਦਿੱਲੀ ’ਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ’ਚ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਦਿੱਲੀ 'ਚ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਫਰੀਦਕੋਟ ਵਿੱਚ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 24 Jul 2026 04:33 PM (IST)
Updated Date: Fri, 24 Jul 2026 04:34 PM (IST)
ਚਾਨਾ, ਪੰਜਾਬੀ ਜਾਗਰਣ ਫਰੀਦਕੋਟ : ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਫ਼ਰੀਦਕੋਟ ਵਿਖੇ ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਅਤੇ ਇਕੱਠੇ ਹੋਏ ਵਿਦਿਆਰਥੀਆਂ, ਕਿਸਾਨਾਂ ਅਤੇ ਮੁਲਾਜ਼ਮਾਂ ਨੇ ਘਨੱਈਆ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਵੀਰ ਕੌਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਦੀਪ ਸਿੰਘ ਵਾਲਾ, ਡੀਐੱਮਐੱਫ ਦੇ ਆਗੂ ਨਵਪ੍ਰੀਤ ਸਿੰਘ, ਸੀਨੀਅਰ ਐਡਵੋਕੇਟ ਜਸਵੰਤ ਜੱਸ, ਐਡਵੋਕੇਟ ਕਰਨਦੀਪ ਸਿੰਘ, ਅਮਨ ਅਰੋੜਾ, ਰਘੁਬੀਰ, ਗੁਰਮੀਤ ਸਿੰਘ ਨੇ ਨੀਟ ਪ੍ਰੀਖਿਆ ਵਿੱਚ ਹੋਈਆਂ ਧਾਂਦਲੀਆਂ ਅਤੇ ਪੇਪਰ ਲੀਕ ਘੋਟਾਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਦੇਸ਼ ਪੱਧਰੀ ਪ੍ਰੀਖਿਆਵਾਂ ਵਿੱਚ ਹੋ ਰਹੀਆਂ ਇਹ ਗੜਬੜੀਆਂ ਮਹਿਜ਼ ਇੱਕ ਪ੍ਰਸ਼ਾਸਨਿਕ ਨਾਕਾਮੀ ਨਹੀਂ ਹਨ, ਸਗੋਂ ਇਹ ਦੇਸ਼ ਦੇ ਲੱਖਾਂ ਗਰੀਬ, ਮੱਧਵਰਗੀ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਾਲਾਂ ਦੀ ਸਖ਼ਤ ਮਿਹਨਤ, ਉਮੀਦਾਂ ਅਤੇ ਭਵਿੱਖ ’ਤੇ ਸਿੱਧਾ ਡਾਕਾ ਹੈ। ਆਗੂਆਂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਭਾਜਪਾ ਅਤੇ ਆਰਐੱਸਐੱਸ ਦਾ ਗੱਠਜੋੜ ਇੱਕ ਯੋਜਨਾਬੱਧ ਏਜੰਡੇ ਤਹਿਤ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਭਗਵਾਂਕਰਨ, ਕੇਂਦਰੀਕਰਨ ਅਤੇ ਕਾਰਪੋਰੇਟਕਰਨ ਕਰ ਕੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰਨ ’ਤੇ ਤੁਲਿਆ ਹੋਇਆ ਹੈ। ਇੱਕ ਪਾਸੇ ਸਰਕਾਰੀ ਵਿੱਦਿਅਕ ਅਦਾਰਿਆਂ ਅਤੇ ਯੂਨੀਵਰਸਿਟੀਆਂ ਨੂੰ ਬਜਟ ਵਿੱਚ ਕਟੌਤੀ ਕਰ ਕੇ ਅਪਾਹਜ ਬਣਾਇਆ ਜਾ ਰਿਹਾ ਹੈ, ਤਾਂ ਜੋ ਆਮ ਘਰਾਂ ਦੇ ਬੱਚਿਆਂ ਤੋਂ ਉੱਚ ਸਿੱਖਿਆ ਦਾ ਹੱਕ ਖੋਹਿਆ ਜਾ ਸਕੇ। ਦੂਜੇ ਪਾਸੇ ਧਨਕੁਬੇਰਾਂ ਅਤੇ ਨਿੱਜੀ ਕੋਚਿੰਗ ਮਾਫ਼ੀਆ ਨੂੰ ਖੁੱਲ੍ਹੀ ਛੋਟ ਦੇ ਕੇ ਸਿੱਖਿਆ ਨੂੰ ਮੰਡੀ ਦੀ ਵਸਤੂ ਬਣਾ ਦਿੱਤਾ ਗਿਆ ਹੈ। ਨੀਟ ਵਰਗੇ ਮਹਾਂ-ਘੋਟਾਲੇ ਇਸੇ ਕਾਰਪੋਰੇਟ-ਹਕੂਮਤੀ ਗੱਠਜੋੜ ਦੀ ਦੇਣ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਤੇ ਲਾਠੀਚਾਰਜ ਕਰ ਕੇ ਜ਼ਖਮੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੇ ਕਾਰਵਾਈ ਕੀਤੀ ਜਾਵੇ ਅਤੇ ਨੀਟ ਪੇਪਰ ਲੀਕ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਇਸ ਵੱਡੀ ਧਾਂਦਲੀ ਦੀ ਨੈਤਿਕ ਅਤੇ ਰਾਜਨੀਤਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।