ਵਪਾਰੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਜਾਰੀ
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
Publish Date: Mon, 06 Apr 2026 03:45 PM (IST)
Updated Date: Tue, 07 Apr 2026 04:00 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ । ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸੁਖਰਾਜ ਸਿੰਘ, ਐਸ.ਡੀ.ਐਮ. ਜੈਤੋ ਵਿਕਰਮਜੀਤ, ਡੀ.ਆਰ.ਓ. ਮੈਡਮ ਲਵਪ੍ਰੀਤ ਕੌਰ, ਚੇਅਰਮੈਨ ਟਰੇਡ ਯੂਨੀਅਨ ਨਰੇਸ਼ ਸਿੰਗਲਾ, ਚੇਅਰਮੈਨ ਫਰੀਦਕੋਟ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।