ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਾਂ ਦੀ ਕੀਤੀ ਸ਼ਲਾਘਾ
ਇਮਾਨਦਾਰ ਅਤੇ ਲੋਕ ਸੇਵਕ ਆਗੂ ਵਜੋਂ ਉਭਰੇ ਧਰਮਜੀਤ ਸਿੰਘ ਰਾਮੇਆਣਾ
Publish Date: Thu, 11 Jun 2026 03:54 PM (IST)
Updated Date: Fri, 12 Jun 2026 04:03 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ—ਜਿਵੇਂ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1000 ਤੋਂ 1500 ਰੁਪਏ ਦੀ ਸਹਾਇਤਾ ਅਤੇ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ—ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ‘ਸੱਚੀ ਰਾਜਨੀਤੀ, ਸਾਫ਼ ਨੀਅਤ ਅਤੇ ਸਹੀ ਵਿਕਾਸ’ ਦੀ ਨੀਤੀ ਨੇ ਲੋਕਾਂ ਵਿੱਚ ਭਰੋਸਾ ਪੈਦਾ ਕੀਤਾ ਹੈ। ਸਿੱਖਿਆ ਅਤੇ ਸਿਹਤ ਖੇਤਰ ਵਿੱਚ ਹੋ ਰਹੇ ਸੁਧਾਰਾਂ ਨੂੰ ਉਨ੍ਹਾਂ ਨੇ ਖ਼ਾਸ ਤੌਰ ’ਤੇ ਕਾਬਿਲ-ਏ-ਤਾਰੀਫ਼ ਦੱਸਿਆ। ਉਨ੍ਹਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਸੁਧਾਰ, ਸਿਹਤ ਸਹੂਲਤਾਂ ਦਾ ਵਿਸਥਾਰ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ, ਜਿਸ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕਾਂ ਵਿੱਚ ਸਰਕਾਰ ਪ੍ਰਤੀ ਸਕਾਰਾਤਮਕ ਰੁਝਾਨ ਹੈ ਅਤੇ ਪਾਰਟੀ ਇੱਕ ਵਾਰ ਫਿਰ ਪੰਜਾਬ ਵਿੱਚ ਸਰਕਾਰ ਬਣਾਉਣ ਦੀ ਮਜ਼ਬੂਤ ਸਥਿਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਭਰੋਸਾ ਹੀ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ। ਇਸ ਦੌਰਾਨ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਧਰਮਜੀਤ ਸਿੰਘ ਰਾਮੇਆਣਾ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੁੰਦੇ ਹਨ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਉਚਿਤ ਮੰਚ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਸਾਫ਼ ਅਕਸ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਅਤੇ ਸਨਮਾਨ ਮਜ਼ਬੂਤ ਹੋਇਆ ਹੈ। ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਸਰਗਰਮ ਧਰਮਜੀਤ ਸਿੰਘ ਰਾਮੇਆਣਾ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਨੂੰ ਆਪਣੀ ਪਹਿਲ ਦੱਸਦੇ ਹਨ ਅਤੇ ਇਸੇ ਦਿਸ਼ਾ ਵਿੱਚ ਉਹ ਲਗਾਤਾਰ ਲੋਕ ਸੇਵਾ ਦੇ ਕਾਰਜਾਂ ਵਿੱਚ ਜੁਟੇ ਹੋਏ ਹਨ।