ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ
ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ
Publish Date: Sat, 27 Jun 2026 04:11 PM (IST)
Updated Date: Sat, 27 Jun 2026 04:13 PM (IST)

ਨਸ਼ਿਆਂ ਤੋਂ ਦੂਰ ਰੱਖਣ ਲਈ ਮਾਪੇ ਬੱਚਿਆਂ ਨਾਲ ਸਮਾਂ ਬਿਤਾਉਣ : ਡਿਪਟੀ ਕਮਿਸ਼ਨਰ ਰਾਹੁਲ ਚਾਬਾ ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ, ਸਿਹਤ ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਕਪਿਲ ਸ਼ਰਮਾ ਨੇ ਹਾਜ਼ਰ ਸੰਗਤ ਦਾ ਸਵਾਗਤ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਕਾਊਂਸਲਰ ਗੁਰਸਾਹਿਬ ਸਿੰਘ ਨੇ ਸਿਹਤ ਵਿਭਾਗ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਲੋਕ ਕਲਾ ਮੰਚ ਫ਼ਰੀਦਕੋਟ ਵੱਲੋਂ ਨਸ਼ਿਆਂ ਅਤੇ ਲੱਚਰ ਗੀਤਾਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ। ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਨਾਟਕ ਮੰਡਲੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਵੱਖ-ਵੱਖ ਪੱਧਰਾਂ ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਇੱਕ ਮਰੀਜ਼ ਹੁੰਦਾ ਹੈ, ਜਿਸ ਨੂੰ ਇਲਾਜ ਅਤੇ ਸਮਾਜ ਦੇ ਸਹਿਯੋਗ ਦੀ ਲੋੜ ਹੁੰਦੀ ਹੈ। ਅਜਿਹੇ ਵਿਅਕਤੀਆਂ ਨਾਲ ਵਿਤਕਰਾ ਕਰਨ ਦੀ ਬਜਾਏ ਪਿਆਰ, ਹੌਸਲਾ ਅਤੇ ਅਪਣੱਤ ਨਾਲ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਕਾਰਨ ਐੱਚ.ਆਈ.ਵੀ./ਏਡਜ਼, ਹੈਪਾਟਾਈਟਿਸ ਅਤੇ ਟੀਬੀ ਵਰਗੀਆਂ ਗੰਭੀਰ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਕੀਤੀ। ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ, ਸਗੋਂ ਉਨ੍ਹਾਂ ਨੂੰ ਹੌਸਲਾ ਦੇ ਕੇ ਨਸ਼ਾ ਛੁਡਾਊ ਕੇਂਦਰਾਂ ਜਾਂ ਨੇੜਲੀ ਸਿਹਤ ਸੰਸਥਾ ਤੱਕ ਪਹੁੰਚਣ ਵਿੱਚ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਮੁਫ਼ਤ ਇਲਾਜ, ਮਾਹਿਰ ਕਾਊਂਸਲਿੰਗ ਅਤੇ ਮਨੋਰੋਗ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਇੱਛੁਕ ਮਰੀਜ਼ਾਂ ਨੂੰ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡ ਕੇ ਸਵੈ-ਨਿਰਭਰ ਬਣ ਸਕਣ ਅਤੇ ਆਪਣੇ ਪਰਿਵਾਰ ਦਾ ਚੰਗੇ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ, ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਖੇਡਾਂ ਤੇ ਹੋਰ ਰਚਨਾਤਮਕ ਗਤੀਵਿਧੀਆਂ ਪ੍ਰਤੀ ਰੁਚੀ ਪੈਦਾ ਕਰਨ।ਅੰਤ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਨੇ ਸਮਾਗਮ ਵਿੱਚ ਸ਼ਾਮਲ ਸਮੂਹ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ, ਨਰਸਿੰਗ ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ਸਿਹਤ ਵਿਭਾਗ ਦੇ ਡੀ-ਐਡੀਕਸ਼ਨ ਪ੍ਰੋਗਰਾਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਹੈਲਥ ਫਾਰ ਆਲ ਸੁਸਾਇਟੀ ਦੀ ਟੀਮ ਨੂੰ ਵਿਭਾਗ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ, ਡਾ. ਅਕਰਮਬੀਰ ਸਿੰਘ ਬਰਾੜ, ਡਾ. ਮਨਪ੍ਰੀਤ ਕੌਰ, ਡਾ. ਅਰਵਿੰਦ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਕੈਂਥ, ਰੀਹੈਬਿਲੀਟੇਸ਼ਨ ਸੈਂਟਰ ਮੈਨੇਜਰ ਆਗਿਆਪਾਲ ਸਿੰਘ, ਫਾਰਮੇਸੀ ਅਫ਼ਸਰ ਕੁਲਦੀਪ ਸਿੰਘ ਚਹਿਲ, ਗਗਨਦੀਪ ਕੌਰ, ਅਰਸ਼ਦੀਪ ਸਿੰਘ, ਕਾਊਂਸਲਰ ਲਵਲੀ ਚਾਵਲਾ, ਫੈਸਿਲਿਟੀ ਮੈਨੇਜਰ ਵੀਰਪਾਲ ਕੌਰ, ਸਾਈਕਾਇਟ੍ਰਿਕ ਸੋਸ਼ਲ ਵਰਕਰ ਬਲਵਿੰਦਰ ਕੁਮਾਰ, ਪ੍ਰੇਮਜੀਤ ਸਿੰਘ, ਵਿਜੇ ਸੂਰੀ, ਨਰਸਿੰਗ ਇੰਚਾਰਜ ਮੈਡਮ ਅੰਜੂ, ਸੁਨੀਤਾ ਐਲ.ਐਚ.ਵੀ., ਸੁਭਾਸ਼ ਕਬੋਤਰਾ ਅਤੇ ਯੂਥ ਅਫੇਅਰ ਆਰਗੇਨਾਈਜ਼ੇਸ਼ਨ ਦੇ ਵਲੰਟੀਅਰ ਹਾਜ਼ਰ ਸਨ। ਸਮਾਗਮ ਉਪਰੰਤ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।