- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਨਾਲ ਸਬੰਧਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੀਖਿਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਰੀਦਕੋਟ : ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਅਤੇ ਵਪਾਰੀਆਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਇਸੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ ਦੀ ਅਗਵਾਈ ਹੇਠ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸਮੱਸਿਆਵਾਂ ਅਤੇ ਪੈਂਡਿੰਗ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਵਪਾਰੀਆਂ ਵੱਲੋਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਪੇਸ਼ ਕੀਤੇ ਜਾਣ ਵਾਲੇ ਮਾਮਲਿਆਂ ਨੂੰ ਬੇਲੋੜਾ ਲੰਬਿਤ ਨਾ ਰੱਖਿਆ ਜਾਵੇ ਅਤੇ ਹਰ ਮਾਮਲੇ ਤੇ ਨਿਯਮਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਦੇ ਨਿਪਟਾਰੇ ਲਈ ਇੱਕ ਤੋਂ ਵੱਧ ਵਿਭਾਗਾਂ ਦੀ ਲੋੜ ਹੋਵੇ ਤਾਂ ਸਬੰਧਤ ਅਧਿਕਾਰੀ ਆਪਸੀ ਤਾਲਮੇਲ ਨਾਲ ਕਾਰਵਾਈ ਕਰਕੇ ਮਾਮਲੇ ਦਾ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਵੱਲੋਂ ਉਠਾਏ ਗਏ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਜਿਹੜੀਆਂ ਸ਼ਿਕਾਇਤਾਂ ਪਹਿਲਾਂ ਹੀ ਦਰਜ ਹਨ, ਉਨ੍ਹਾਂ ਦੀ ਸਥਿਤੀ ਬਾਰੇ ਵੀ ਸਮੇਂ-ਸਮੇਂ ਤੇ ਰਿਵਿਊ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਪਾਰੀਆਂ ਲਈ ਸੁਚਾਰੂ ਅਤੇ ਸਹਿਯੋਗੀ ਪ੍ਰਸ਼ਾਸਨਿਕ ਮਾਹੌਲ ਯਕੀਨੀ ਬਣਾਉਣਾ ਹੈ, ਜਿਸ ਲਈ ਸਬੰਧਤ ਵਿਭਾਗਾਂ ਵੱਲੋਂ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰਕ ਵਰਗ ਜ਼ਿਲ੍ਹੇ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਜਾਇਜ਼ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ਤੇ ਵਿਚਾਰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀ.ਐਫ.ਐਸ.ਸੀ ਗੁਰਜੀਤ ਸਿੰਘ ਦਿਓਲ, ਈ.ਓ ਨਗਰ ਕੌਂਸਲ ਫਰੀਦਕੋਟ ਅੰਮ੍ਰਿਤ ਲਾਲ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।