ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਘਰ-ਘਰ ਰਜਿਸਟ੍ਰੇਸ਼ਨ ਕੀਤੀ
ਵਾਰਡ ਨੰਬਰ-11 ਜੈਤੋ ਵਿੱਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਘਰ-ਘਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਜਾਰੀ
Publish Date: Sat, 20 Jun 2026 04:22 PM (IST)
Updated Date: Sun, 21 Jun 2026 04:01 AM (IST)

ਜੈਤੋ ਦੇ ਵਾਰਡ ਨੰਬਰ-11 ’ਚ ਯੋਜਨਾ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜੈਤੋ ਦੇ ਵਾਰਡ ਨੰਬਰ-11 ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਸੰਬੰਧਿਤ ਟੀਮ ਵੱਲੋਂ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਵਾਰਡ ਦੀਆਂ ਮਹਿਲਾਵਾਂ ਵੱਲੋਂ ਇਸ ਲੋਕ-ਭਲਾਈ ਯੋਜਨਾ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਵਾਰਡ ਦੀ ਮੌਜੂਦਾ ਨਗਰ ਕੌਂਸਲਰ ਨਿਰਮਲਾ ਦੇਵੀ ਗਰਗ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਦੌਰਾਨ ਹਿੰਮਤਪੁਰਾ ਬਸਤੀ ਦੀ ਆਂਗਣਵਾੜੀ ਵਰਕਰ ਜਤਿੰਦਰ ਕੌਰ ਅਤੇ ਸਤਿਕਾਰ ਯੋਜਨਾ ਦੀ ਮਹਿਲਾ ਸਖੀ ਰਿੱਧਮ ਗੁਪਤਾ, ਮਹਿਲਾ ਸਖੀ ਨੀਸ਼ਾ ਰਾਣੀ, ਮਹਿਲਾ ਸਖੀ ਰਮਿੰਦਰ ਕੌਰ, ਮਹਿਲਾ ਸਖੀ ਸਵਰਨਾ ਬਾਂਸਲ ਅਤੇ ਮਹਿਲਾ ਸਖੀ ਪੂਜਾ ਰਾਣੀ ਗਰਗ ਵੱਲੋਂ ਘਰ-ਘਰ ਜਾ ਕੇ ਯੋਗ ਲਾਭਪਾਤਰੀ ਮਹਿਲਾਵਾਂ ਦੇ ਫਾਰਮ ਭਰੇ ਗਏ। ਇਸ ਦੇ ਨਾਲ ਹੀ ਮਹਿਲਾਵਾਂ ਨੂੰ ਯੋਜਨਾ ਦੀਆਂ ਸ਼ਰਤਾਂ, ਯੋਗਤਾ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਬਿਨਾਂ ਕਿਸੇ ਦਿੱਕਤ ਦੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਇਕਾਈ ਜੈਤੋ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਅਤੇ ਪੰਜਾਬ ਟਰੇਡਰ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਅਤੇ ਲੋਕ-ਹਿਤੈਸ਼ੀ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਹੈ ਅਤੇ ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਵਾਰਡ ਪੱਧਰ ’ਤੇ ਘਰ-ਘਰ ਜਾ ਕੇ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਸਮੇਂ ਸਿਰ ਨਹੀਂ ਮਿਲਦੀ, ਜਿਸ ਕਾਰਨ ਉਹ ਲਾਭ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਇਸ ਲਈ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਦੀ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਕੋਈ ਵੀ ਹੱਕਦਾਰ ਮਹਿਲਾ ਇਸ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹੇ। ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਰਹਿੰਦੀਆਂ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਬਾਰੇ ਜਾਣੂ ਕਰਵਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਸਫ਼ਲ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਅਤੇ ਮਹਿਲਾਵਾਂ ਮੌਜੂਦ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਮਹਿਲਾ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਯਤਨ ਕਰਾਰ ਦਿੱਤਾ।