- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ-3 ਜੈਤੋ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਘਰ-ਘਰ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜੈਤੋ ਦੇ ਵਾਰਡ ਨੰਬਰ-3 ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਟੀਮ ਵੱਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਪਹੁੰਚ ਕਰਕੇ ਯੋਗ ਲਾਭਪਾਤਰੀ ਮਹਿਲਾਵਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਫਾਰਮ ਭਰੇ ਗਏ। ਮੁਹਿੰਮ ਦੌਰਾਨ ਮਹਿਲਾਵਾਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਅਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਵੱਲੋਂ ਮਹਿਲਾਵਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਅਜਿਹੀਆਂ ਲੋਕ-ਭਲਾਈ ਯੋਜਨਾਵਾਂ ਨਾਲ ਜੁੜ ਕੇ ਆਪਣੇ ਹੱਕਾਂ ਦਾ ਲਾਭ ਪ੍ਰਾਪਤ ਕਰਨ। ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੌਜੂਦਾ ਨਗਰ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ। ਇਸ ਮੌਕੇ ਆਂਗਣਵਾੜੀ ਵਰਕਰ ਵੀਰਪਾਲ ਕੌਰ ਅਤੇ ਸਤਿਕਾਰ ਯੋਜਨਾ ਦੀਆਂ ਮਹਿਲਾ ਸਖੀਆਂ ਸੁਰਿੰਦਰ ਪਾਲ ਕੌਰ, ਸ਼ੀਤਲ ਅਤੇ ਸਿਮਰਨ ਕੌਰ ਵੱਲੋਂ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੇ ਫਾਰਮ ਭਰੇ ਗਏ। ਇਸ ਮੌਕੇ ਨਗਰ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀ. ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਰਜਿਸਟ੍ਰੇਸ਼ਨ ਕਰਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ ਅਤੇ ਯੋਗ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦਾ ਮਕਸਦ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਦਾ ਸਤਿਕਾਰ ਸਮਾਜ ਦੀ ਮਜ਼ਬੂਤ ਨੀਂਹ ਹੈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹਨ। ਇਸ ਮੌਕੇ ਮਨਪ੍ਰੀਤ ਸਿੰਘ ਰਾਮੇਆਣਾ, ਭੁਪਿੰਦਰ ਸਿੰਘ ਗਿੱਲ ਸਮੇਤ ਹੋਰ ਵਾਰਡ ਵਾਸੀ ਅਤੇ ਮਹਿਲਾਵਾਂ ਹਾਜ਼ਰ ਸਨ। ਮੌਜੂਦ ਲੋਕਾਂ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਘਰਾਂ ਤੱਕ ਪਹੁੰਚ ਕਰਕੇ ਰਜਿਸਟ੍ਰੇਸ਼ਨ ਕਰਨ ਨਾਲ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਆਸਾਨੀ ਹੋ ਰਹੀ ਹੈ।